ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਪ੍ਰੇਰਨਾ ਸਰੋਤ- ਇੰਜੀ. ਜਗਦੇਵ ਸਿੰਘ ਬੋਪਾਰਾਏ ਘੁਡਾਣੀ ਖ਼ੁਰਦ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ਾਲਸਾਈ ਸ਼ਾਨ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ
ਅਜੀਤ ਡੈਸਕ
05-01-2026
ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਅਰਦਾਸ ਉਪਰਾਂਤ ਸੁੰਦਰ ਫੁੱਲਾਂ ਨਾਲ ਸਜੀ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਸ਼ੋਭਿਤ ਕੀਤਾ ਗਿਆ, ਉਪਰਾਂਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕਰਕੇ ਨਗਰ ਕੀਰਤਨ ਨੂੰ ਰਵਾਨਾ ਕੀਤਾ ਗਿਆ | ਕੜਾਕੇ ਦੀ ਠੰਢ ਦੇ ਬਾਵਜੂਦ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ | ਨਗਰ ਕੀਰਤਨ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ | ਇਸ ਦੌਰਾਨ ਗਤਕਾ ਪਾਰਟੀਆਂ ਅਤੇ ਬੈਂਡ ਵਾਜਿਆਂ ਨੇ ਖ਼ਾਲਸਾਈ ਰੂਹ ਨੂੰ ਚਮਕਾਇਆ, ਜਦਕਿ ਰਸਤੇ ਵਿਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਭਰਪੂਰ ਸਵਾਗਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਇੰਜੀ. ਜਗਦੇਵ ਸਿੰਘ ਬੋਪਾਰਾਏ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਸਮੇਸ਼ ਪਿਤਾ ਜੀ ਦਾ ਸਾਰਾ ਜੀਵਨ ਹੀ ਮਨੁੱਖਤਾ ਲਈ ਅਦੁੱਤੀ ਮਾਰਗਦਰਸ਼ਨ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜ਼ੁਲਮ ਅਤੇ ਅਨਿਆਂ ਦੇ ਖ਼ਿਲਾਫ਼ ਡਟ ਕੇ ਖੜ੍ਹਨ ਦਾ ਹੌਸਲਾ ਪੈਦਾ ਕੀਤਾ |
ਇੰਜੀ. ਬੋਪਾਰਾਏ ਨੇ ਆਖਿਆ ਕਿ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਸਿੱਖਿਆ ਬਰਾਬਰਤਾ, ਨਿਆਂ ਅਤੇ ਸੱਚਾਈ ਦੀ ਰਹਿਨੁਮਾਈ ਨੂੰ ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਖਾਲਸੇ ਦੀ ਸਿਰਜਣਾ ਸਿਰਫ਼ ਇੱਕ ਧਾਰਮਿਕ ਘਟਨਾ ਨਹੀਂ, ਸਗੋਂ ਦੁਨੀਆਂ ਦੇ ਇਤਿਹਾਸ ਵਿੱਚ ਬਰਾਬਰਤਾ ਅਤੇ ਮਨੁੱਖੀ ਅਧਿਕਾਰਾਂ ਦੀ ਸਭ ਤੋਂ ਵੱਡੀ ਕ੍ਰਾਂਤੀ ਸੀ | ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਅਤੇ ਫਿਰ ਖੁਦ ਉਨ੍ਹਾਂ ਪਾਸੋਂ ਅੰਮਿ੍ਤ ਛਕ ਕੇ ਗੁਰੂ ਸਾਹਿਬ ਨੇ ਜਾਤ-ਪਾਤ ਅਤੇ ਉੱਚ-ਨੀਚ ਦੇ ਭੇਦਾਂ ਨੂੰ ਸਦਾ ਲਈ ਖ਼ਤਮ ਕਰਨ ਦਾ ਸੰਦੇਸ਼ ਦਿੱਤਾ |
ਇੰਜੀ. ਬੋਪਾਰਾਏ ਨੇ ਮੌਜੂਦਾ ਸਮੇਂ ਦੀਆਂ ਸਮਾਜਿਕ ਬੁਰਾਈਆਂ, ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਨੌਜਵਾਨ ਪੀੜ੍ਹੀ ਨੂੰ ਦਸਮੇਸ਼ ਪਿਤਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ |
ਇਸ ਨਗਰ ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਗੁਰਿੰਦਰ ਸਿੰਘ, ਖ਼ਜ਼ਾਨਚੀ ਮਨਪ੍ਰੀਤ ਸਿੰਘ, ਸਕੱਤਰ ਅਮਨਦੀਪ ਸਿੰਘ, ਸੁਖਬੀਰ ਸਿੰਘ, ਤੇਜ ਕਿਰਪਾਲ ਸਿੰਘ, ਅਮਨਦੀਪ ਸਿੰਘ, ਪ੍ਰੀਤਪਾਲ ਸਿੰਘ, ਗੁਰਪ੍ਰਕਾਸ਼ ਸਿੰਘ, ਗੁਰਮੇਲ ਸਿੰਘ, ਕਾਕਾ ਯੂਐਸਏ, ਜਥੇਦਾਰ ਮਨਜੀਤ ਸਿੰਘ ਘੁਡਾਣੀ, ਗੁਰਪ੍ਰੀਤ ਸਿੰਘ ਮਿੰਦੀ, ਅਵਤਾਰ ਸਿੰਘ ਸਾਬਕਾ ਸਰਪੰਚ, ਲਖਵੀਰ ਸਿੰਘ, ਬਲਦੇਵ ਸਿੰਘ, ਜਥੇਦਾਰ ਤਾਰਾ ਸਿੰਘ, ਜਥੇਦਾਰ ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਜਥੇਦਾਰ ਬੇਅੰਤ ਸਿੰਘ ਪੰਧੇਰ ਖੇੜੀ, ਮਨਪ੍ਰੀਤ ਸਿੰਘ ਬਿੱਲਾ ਘੁਡਾਣੀ, ਲਖਵਿੰਦਰ ਸਿੰਘ ਚੀਮਾ, ਅਮਨਪ੍ਰੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |