ਪਾਇਲ, 5 ਜਨਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੇਂ ਸਾਲ ਦੇ ਮੌਕੇ 'ਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇ ਕੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰਕੇ ਅਮਲ ਵਿਚ ਲਿਆਂਦਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ | ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਬਹੁਤ ਜਲਦ ਮੁੱਖ ਮੰਤਰੀ ਸਿਹਤ ਕਾਰਡ ਪੰਜਾਬ ਦੇ ਲੋਕਾਂ ਦੇ ਹੱਥਾਂ ਵਿੱਚ ਹੋਣਗੇ ਤੇ ਪੰਜਾਬ ਦੇ 65 ਲੱਖ ਗਰੀਬ ਪਰਿਵਾਰਾਂ ਨੂੰ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ |