ਸਮਰਾਲਾ, 5 ਜਨਵਰੀ (ਕੁਲਵਿੰਦਰ ਸਿੰਘ)-ਜੀਵਨਜੋਤ ਪ੍ਰੋਜੈਕਟ ਤਹਿਤ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵਲੋਂ ਸਮਰਾਲਾ-ਚੰਡੀਗੜ੍ਹ ਰੋਡ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਗਈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੂੰ ਮੁਕੰਮਲ ਰੂਪ ਵਿਚ ਬਾਲ ਮਜ਼ਦੂਰੀ ਰੇਡ ਦਾ ਨੋਡਲ ਅਫ਼ਸਰ ਬਣਾਇਆ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਵਲੋਂ ਦੱਸਿਆ ਗਿਆ ਕਿ ਭਵਿੱਖ ਵਿਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਦਾ ਸੰਪੂਰਨ ਤੌਰ 'ਤੇ ਖ਼ਾਤਮਾ ਕੀਤਾ ਜਾ ਸਕੇ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਾਲ ਮਜ਼ਦੂਰੀ ਵਿਚ ਗ੍ਰਸਤ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾਵੇਗਾ | ਉਨ੍ਹਾਂ ਆਮ ਜਨਤਾ ਨੂੰ ਮੁੜ ਅਪੀਲ ਕੀਤੀ ਕਿ ਬਾਲ ਮਜ਼ਦੂਰੀ ਨਾ ਕਰਵਾਉਣ ਵਿਚ ਹਰਸੰਭਵ ਸਹਿਯੋਗ ਦਿੱਤਾ ਜਾਵੇ | ਇਸ ਟੀਮ ਵਿਚ ਦੀਪਕ ਕੁਮਾਰ, ਵਰਿੰਦਰ ਸਿੰਘ, ਮਨਜੋਤ ਸਿੰਘ ਤੇ ਹੋਰ ਵੀ ਮੌਜੂਦ ਸਨ |