ਖੰਨਾ, 4 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਵੱਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੱਦੇ 'ਤੇ ਹਲਕੇ ਦੇ ਵੱਖ-ਵੱਖ ਪਿੰਡਾਂ ਲਲਹੇੜੀ, ਅਲੀਪੁਰ, ਘੁੰਗਰਾਲੀ ਅਤੇ ਖੱਟੜਾ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਮਨਰੇਗਾ ਵਰਕਰਾਂ ਅਤੇ ਸਾਥੀਆਂ ਨੂੰ ਮਿਲ ਕੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਨ ਦੀਆਂ ਚੱਲ ਰਹੀਆਂ ਸਾਜ਼ਿਸ਼ ਕਰ ਰਹੀ ਹੈ | ਗੁਰਕੀਰਤ ਨੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨਰੇਗਾ ਕਾਨੂੰਨ ਕਾਂਗਰਸ ਪਾਰਟੀ ਦੀ ਦੇਣ ਹੈ, ਜਿਸ ਨੇ ਪੇਂਡੂ ਮਜ਼ਦੂਰਾਂ ਨੂੰ ਸਵੈ-ਮਾਣ ਨਾਲ ਜਿਊਣ ਦਾ ਹੱਕ ਦਿੱਤਾ | ਪਰ ਅਫ਼ਸੋਸ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਬਜਟ ਵਿੱਚ ਕਟੌਤੀ ਕਰਕੇ ਅਤੇ ਨਵੇਂ-ਨਵੇਂ ਅੜਿੱਕੇ ਡਾਹ ਕੇ ਇਸ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਮਜ਼ਦੂਰਾਂ ਦੀ ਰੋਜ਼ੀ-ਰੋਟੀ 'ਤੇ ਵਾਰ ਕਰਨ ਵਾਲੀ ਕਿਸੇ ਵੀ ਚਾਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਹਰ ਮਜ਼ਦੂਰ ਪਰਿਵਾਰ ਦੇ ਹੱਕ ਵਿੱਚ ਡਟ ਕੇ ਖੜ੍ਹੀ ਹੈ | ਸਾਬਕਾ ਮੰਤਰੀ ਨੇ ਕਿਹਾ ਕਿ 'ਝਾੜੂ ਪਾਰਟੀ' ਨੇ ਸੱਤਾ ਵਿੱਚ ਆਉਣ ਲਈ ਮਜ਼ਦੂਰਾਂ ਦੀਆਂ ਵੋਟਾਂ ਤਾਂ ਲਈਆਂ, ਪਰ ਅੱਜ ਉਨ੍ਹਾਂ ਦੇ ਹੱਕ ਵਿੱਚ ਖੜ੍ਹਨ ਤੋਂ ਭੱਜ ਰਹੀ ਹੈ | ਗੁਰਕੀਰਤ ਸਿੰਘ ਨੇ ਕਿਹਾ ਕਿ 'ਆਪ' ਸਰਕਾਰ ਸਿਰਫ਼ ਮੋਦੀ ਸਰਕਾਰ ਦੀਆਂ ਨੀਤੀਆਂ ਅੱਗੇ ਗੋਡੇ ਟੇਕ ਰਹੀ ਹੈ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਮੂਕ ਦਰਸ਼ਕ ਬਣੀ ਬੈਠੀ ਹੈ | ਇਸ ਮੌਕੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਲਛਮਣ ਸਿੰਘ ਗਰੇਵਾਲ, ਬੇਅੰਤ ਸਿੰਘ ਜੱਸੀ, ਗੁਰਦੀਪ ਸਿੰਘ ਰਸੂਲੜਾ ਰਾਜਬੀਰ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਪੰਚ-ਸਰਪੰਚ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ | ਸਾਰਿਆਂ ਨੇ ਇੱਕਸੁਰ ਵਿੱਚ ਮਨਰੇਗਾ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਦਾ ਸਾਥ ਦੇਣ ਦਾ ਅਹਿਦ ਲਿਆ |