ਖੰਨਾ, 4 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਚਲਾਈ ਜਾ ਰਹੀ ਮੁਹਿੰਮ 'ਮਨਰੇਗਾ ਬਚਾਓ-ਹੱਕ ਜਤਾਓ' ਤਹਿਤ ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਪਿੰਡ ਕੌੜੀ, ਚੱਕ ਅਤੇ ਬੀਜਾ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਮਨਰੇਗਾ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵੀ ਹਮਲੇ ਕੀਤੇ | ਕੋਟਲੀ ਨੇ ਕਿਹਾ ਕਿ ਇਕ ਪਾਸੇ ਮੋਦੀ ਸਰਕਾਰ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੀ ਹੈ, ਦੂਜੇ ਪਾਸੇ ਪੰਜਾਬ ਦੀ ਝਾੜੂ ਪਾਰਟੀ (ਆਪ) ਦੀ ਸਰਕਾਰ ਮਜ਼ਦੂਰਾਂ ਨੂੰ ਬਣਦਾ ਹੱਕ ਦਿਵਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੇ ਬਕਾਏ ਅਤੇ ਨਵੇਂ ਕੰਮਾਂ ਦੇ ਪ੍ਰਬੰਧ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਅਜਿਹੇ ਕਿਸੇ ਵੀ ਕਦਮ ਨੂੰ ਬਰਦਾਸ਼ਤ ਨਹੀਂ ਕਰੇਗੀ ਜੋ ਮਜ਼ਦੂਰਾਂ ਦੀ ਰੋਜ਼ੀ-ਰੋਟੀ 'ਤੇ ਵਾਰ ਕਰਦਾ ਹੋਵੇ | ਇਸ ਮੌਕੇ ਲਛਮਣ ਸਿੰਘ ਗਰੇਵਾਲ, ਬੇਅੰਤ ਸਿੰਘ ਜੱਸੀ, ਸੁਖਰਾਜ ਸਿੰਘ ਬੀਜਾ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਪੰਚ-ਸਰਪੰਚ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |