ਹਲਵਾਰਾ, 4 ਫਰਵਰੀ (ਮਨਦੀਪ ਸਿੰਘ ਉੱਭੀ)-ਸੁਤੰਤਰਤਾ ਸੰਗਰਾਮੀ ਵਿਭਾਗ ਪੰਜਾਬ ਦੇ ਸੱਦੇ 'ਤੇ ਅੱਜ ਚੰਡੀਗੜ੍ਹ ਵਿਖੇ ਫਰੀਡਮ ਫਾਈਟਰ ਉਤਰਾਧਿਕਾਰੀ ਸੂਬਾ ਕਮੇਟੀ ਦੀ ਮੀਟਿੰਗ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ਼੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਨਾਲ ਹੋਈ | ਮਾਸਟਰ ਅਵਤਾਰ ਸਿੰਘ ਬੁਰਜ ਲਿੱਟਾਂ ਨੇ ਦੱਸਿਆ ਮੀਟਿੰਗ ਦੌਰਾਨ ਵੱਖ-ਵੱਖ ਹੱਕੀਂ ਮੰਗਾਂ 'ਤੇ ਸਾਰਥਕ ਵਿਚਾਰ ਚਰਚਾ ਹੋਈ | ਸੂਬਾ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸਾਰੀਆਂ ਮੰਗਾਂ 'ਤੇ ਸਹਿਮਤੀ ਜਤਾਈ ਅਤੇ ਕਿਹਾ ਕਿ ਜਲਦੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ | ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਸਾਰੀਆਂ ਮੰਗਾਂ ਸੰਬੰਧੀ ਜਲਦੀ ਨੋਟੀਫ਼ਿਕੇਸ਼ਨ ਜਾਰੀ ਕਰੇਗੀ | ਉਨ੍ਹਾਂ ਨਾਲ ਹੀ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਕਿ ਬਹੁਤ ਵਧੀਆ ਢੰਗ ਨਾਲ ਉਸਾਰੂ ਗੱਲਬਾਤ ਕੀਤੀ ਗਈ | ਇਸ ਮੌਕੇ ਰਵਿੰਦਰ ਸਿੰਘ ਨਗਲਾ ਸੂਬਾ ਜਨਰਲ ਸਕੱਤਰ, ਬਲਵਿੰਦਰ ਸਿੰਘ ਛੰਨਾ ਸੂਬਾ ਖ਼ਜ਼ਾਨਚੀ ਅਤੇ ਰਘਵੀਰ ਸਿੰਘ ਜਟਾਣਾ ਜ਼ਿਲ੍ਹਾ ਪ੍ਰਧਾਨ ਮਾਨਸਾ ਤੋਂ ਇਲਾਵਾ ਸਮੂਹ ਸੂਬਾ ਕਮੇਟੀ ਮੈਂਬਰ ਹਾਜ਼ਰ ਹੋਏ |