ਬੀਜਾ, 4 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਗੁਰੂ ਨਾਨਕ ਮਲਟੀਵਰਸਿਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਇਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਰੰਘਰੇਟਾ ਗੁਰੂ ਕਾ ਬੇਟਾ ਬਖਸ਼ਿਸ਼ ਦਿਵਸ ਦੇ 350ਵੇਂ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਇਨਾਮ ਵੰਡ ਸਮਾਗਮ ਗੁਰਦੁਆਰਾ ਮੰਜੀ ਸਾਹਿਬ, ਦੀਵਾਨ ਹਾਲ, ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਕਰਵਾਏ ਗਏ ਹਨ | ਜਿਸ ਵਿੱਚ ਜੇਤੂ ਰਹਿਣ ਵਾਲੇ 6000 ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਹਨ | ਇਸ ਮੁਕਾਬਲਿਆਂ ਵਿੱਚ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਜਟਾਣਾ ਦੀ ਧੀ ਨੇ ਪਹਿਲਾ ਸਥਾਨ ਹਾਸਿਲ ਕਰਕੇ ਇੱਕ ਲੈਪਟਾਪ ਤੇ ਡੇਢ ਲੱਖ ਰੁਪਏ ਦਾ ਨਾਮ ਜਿੱਤਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਨਾਮਵਰ ਆਗੂ ਕੁਲਵਿੰਦਰ ਸਿੰਘ ਸੋਨੀ ਜਟਾਣਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਮਲਟੀਵਰਸਿਟੀ ਵਲੋਂ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿੱਚ ਪਿੰਡ ਜਟਾਣਾ ਦੇ ਗੁਰਸਿੱਖ ਪਰਿਵਾਰ ਹਰਵਿੰਦਰ ਸਿੰਘ ਦੀ ਧੀ ਗੁਰਸਿਮਰਨ ਕੌਰ ਨੇ ਗੁਰਮਤਿ ਮੁਕਾਬਲਿਆਂ ਵਿੱਚ ਭਾਗ ਲਿਆ ਸੀ | ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ ਹੋਏ ਹਨ | ਇਹਨਾਂ ਵਿਦਿਆਰਥੀਆਂ ਦੇ ਵਿੱਚੋਂ ਪਿੰਡ ਜਟਾਣਾ ਦੀ ਧੀ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਗੁਰਮਤਿ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਲਈ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਪਹੁੰਚੇ ਹਨ | ਪਹਿਲਾ ਸਥਾਨ ਹਾਸਲ ਕਰਨ ਵਾਲੀ ਪਿੰਡ ਜਟਾਣਾ ਦੀ ਗੁਰ ਸਿਮਰਨ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਡੇਢ ਲੱਖ ਦਾ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਸ਼ੰਸਾ ਪੱਤਰ ਵੀ ਦਿੱਤਾ ਗਿਆ |