ਮਾਛੀਵਾੜਾ ਸਾਹਿਬ, 5 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਨਗਰ ਕੌਂਸਲ ਮਾਛੀਵਾੜਾ ਵਲੋਂ ਆਪਣੀ ਇੱਕ ਸਾਲਾ ਕਾਰਗੁਜ਼ਾਰੀ ਦਾ ਲੇਖਾ ਜੋਖਾ ਕੀਤਾ ਗਿਆ ਜਿਸ ਸਬੰਧੀ ਜਾਣਕਾਰੀ ਪ੍ਰਧਾਨ ਮੋਹਿਤ ਕੁੰਦਰਾ ਵਲੋਂ ਪੱਤਰਕਾਰਾਂ ਨਾਲ ਸਾਂਝੀ ਕੀਤੀ ਗਈ | ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਪਿਛਲੇ ਸਾਲ 24 ਜਨਵਰੀ 2025 ਨੂੰ ਉਨ੍ਹਾਂ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ ਅਤੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਮਾਛੀਵਾੜਾ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ 5 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ | ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਨਗਰ ਕੌਂਸਲ ਦੀ ਸਭ ਤੋਂ ਵੱਡੀ ਪ੍ਰਾਪਤ ਸ੍ਰੀ ਗੁਰੂ ਰਵਿਦਾਸ ਜੀ ਸਿੰਗਲ ਵਿੰਡੋ ਸੁਵਿਧਾ ਹੈ ਜਿੱਥੇ ਕਿ ਇੱਕ ਸਾਲ ਵਿਚ ਲੋਕਾਂ ਨੇ ਬਿਜਲੀ ਲਾਈਟਾਂ, ਸੀਵਰੇਜ, ਸਫ਼ਾਈ ਅਤੇ ਹੋਰ ਕੰਮਾਂ ਸਬੰਧੀ 1785 ਸ਼ਿਕਾਇਤਾਂ ਦਰਜ ਕਰਵਾਈਆਂ ਅਤੇ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਸਟਾਫ਼ ਵਲੋਂ 1752 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਸਮੂਹ ਕੌਂਸਲਰਾਂ ਦੀ ਟੀਮ ਇੱਕਜੁੱਟ ਹੋ ਕੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਯਤਨਸ਼ੀਲ ਹੈ ਅਤੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਉਹ ਨਿਭਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮਾਛੀਵਾੜਾ ਦਾ ਕਮਿਊਨਿਟੀ ਸੈਂਟਰ ਜਿਸ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਉਸ ਦਾ ਨਵੀਨੀਕਰਨ ਕਰਵਾਇਆ ਗਿਆ ਜਿਸ ਵਿਚ 65 ਲੱਖ ਰੁਪਏ ਤੋਂ ਵੱਧ ਖਰਚੇ ਜਿਸ ਨੂੰ ਇਕ ਮੈਰਿਜ ਪੈਲੇਸ ਦੀ ਦਿੱਖ ਦਿੱਤੀ ਗਈ ਹੈ | ਇਸ ਤੋਂ ਇਲਾਵਾ 15 ਲੱਖ ਰੁਪਏ ਦੀ ਲਾਗਤ ਨਾਲ ਮਾਛੀਵਾੜਾ ਦੇ ਖ਼ਾਲਸਾ ਚੌਂਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਵਿਚ ਫੁਹਾਰੇ, ਸੁੰਦਰ ਲਾਈਟਾਂ ਅਤੇ ਵੱਡਾ ਖੰਡਾ ਸਾਹਿਬ ਲਗਾਇਆ ਜਾਵੇਗਾ ਜੋ ਕਿ ਇਤਿਹਾਸਕ ਸ਼ਹਿਰ ਦੀ ਸੁੰਦਰਤਾ ਵਧਾਏਗਾ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਭ ਤੋਂ ਵੱਡੀ ਮੰਗ ਚਰਨ ਕੰਵਲ ਚੌਂਕ ਤੋਂ ਗੁਰਦੁਆਰਾ ਸਾਹਿਬ ਤੱਕ ਜੋ ਖਸਤਾ ਹਾਲਤ ਸੜਕ ਹੈ ਉਸ ਦਾ ਪੈਚ ਵਰਕ ਤਾਂ ਕਰਵਾ ਦਿੱਤਾ ਗਿਆ ਸੀ ਪਰ ਹੁਣ 90 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲ ਲਗਾਉਣ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ | ਇਸ ਤੋਂ ਇਲਾਵਾ ਗਨੀ ਖਾਂ ਨਬੀ ਖਾਂ ਸਾਹਿਬ ਗੇਟ ਤੋਂ ਲੈ ਕੇ ਗੁਰਦੁਆਰਾ ਚਰਨ ਕੰਵਲ ਸਾਹਿਬ ਤੱਕ ਅਤੇ ਪ੍ਰਾਚੀਨ ਸ਼ਿਵਾਲਾ ਬ੍ਰਹਮਚਾਰੀ ਮੰਦਰ ਤੱਕ ਹੈਰੀਟੇਜ ਲਾਈਟਾਂ ਲਗਾਉਣ ਦਾ ਕੰਮ ਵੀ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ | ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਦੁਸਹਿਰਾ ਮੈਦਾਨ ਵਿਚ ਵੀ ਲੋਕਾਂ ਦੀ ਸਹੂਲਤ ਲਈ ਇੱਕ ਸੁੰਦਰ ਪਾਰਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਸ਼ਹਿਰ ਵਿਚ 2 ਕਰੋੜ ਤੋਂ ਵੱਧ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ, ਨਾਲੀਆਂ ਨੂੰ ਖ਼ਤਮ ਕਰਨ ਲਈ ਜ਼ਮੀਨਦੋਜ਼ ਪਾਈਪਾਂ ਵੀ ਪਾਈਆਂ ਗਈਆਂ ਹਨ |