ਸਾਹਨੇਵਾਲ, 24 ਫਰਵਰੀ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਸਾਂਝੇ ਤੌਰ 'ਤੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਲਈ ਜਾ ਰਹੀ ਹੈ, ਜਿਸ ਵਿਚ 20 ਫਰਵਰੀ ਨੂੰ ਵਿਗਿਆਨ ਵਿਸ਼ੇ ਦੇ ਪ੍ਰਸ਼ਨ ਪੱਤਰ ਵਿਚ 5-5 ਅੰਕਾਂ ਵਾਲੇ ਤਿੰਨ ਪ੍ਰਸ਼ਨ ਪੰਜਾਬੀ ਅਨੁਵਾਦ ਵਿਚ ਪਿ੍ੰਟ ਨਹੀਂ ਕੀਤੇ ਗਏ | ਇਸੇ ਤਰ੍ਹਾਂ 23 ਫਰਵਰੀ ਨੂੰ ਗਣਿਤ ਵਿਸ਼ੇ ਦੇ ਪ੍ਰਸ਼ਨ ਪੱਤਰ ਵਿੱਚ ਸਵਾਲਾਂ ਦੇ ਵਿਕਲਪ ਗਲਤ ਪਿ੍ੰਟ ਹੋਣ ਦੇ ਨਾਲ ਨਾਲ ਹੋਰ ਕਈ ਤਰ੍ਹਾਂ ਦੀਆਂ ਖ਼ਾਮੀਆਂ ਦੇਖਣ ਵਿੱਚ ਆਈਆਂ | ਜਿਸ ਕਾਰਨ ਇਹਨਾਂ ਪ੍ਰੀਖਿਆਵਾਂ ਵਿਚ ਬੈਠੇ ਵਿਦਿਆਰਥੀਆਂ ਵਿਚ ਦੁਚਿੱਤੀ ਦੀ ਸਥਿਤੀ ਪੈਦਾ ਹੋ ਗਈ ਅਤੇ ਇਸ ਦੇ ਨਾਲ ਪੰਜਾਬੀ ਮਾਧਿਅਮ ਦੇ ਬੱਚਿਆਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਬਾਰੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪ੍ਰੈਸ ਸਕੱਤਰ ਮਨੋਜ ਕੁਮਾਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵਿਗਿਆਨ ਅਤੇ ਗਣਿਤ ਵਿਸ਼ੇ ਵਿੱਚ 15 ਅੰਕਾਂ ਦੀ ਗ੍ਰੇਸ ਅੰਕ ਦੇਣ ਦੀ ਮੰਗ ਕੀਤੀ ਗਈ ਹੈ |