ਖੰਨਾ ਵਿਚ ਪੰਜਾਬ ਸਖੀ ਸ਼ਕਤੀ ਮੇਲੇ ਦੌਰਾਨ ਰਿਕਾਰਡ ਵਿਕਰੀ
ਅਜੀਤ ਡੈਸਕ
26-02-2026
ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਬੀਤੀ ਰਾਤ ਵਿਸ਼ੇਸ਼ ਰੌਣਕ ਦੇਖਣ ਨੂੰ ਮਿਲੀ, ਜਦੋਂ ਪੰਜਾਬ ਦੇ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੇਲੇ ਵਿੱਚ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਸਟਾਲਾਂ ਦਾ ਦੌਰਾ ਕੀਤਾ ਅਤੇ ਸੈੱਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ |
ਮੰਤਰੀ ਸੌਂਦ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਨੀਤੀਆਂ ਦੇ ਕਾਰਨ ਹੀ ਸੂਬੇ ਵਿੱਚ ਰੌਣਕਾਂ ਮੁੜ ਪਰਤੀਆਂ ਹਨ | ਸਰਕਾਰ ਵਲੋਂ ਸੈੱਲਫ਼ ਹੈਲਪ ਗਰੁੱਪਾਂ ਨੂੰ ਆਰਥਿਕ ਸਹਾਇਤਾ, ਟਰੇਨਿੰਗ ਅਤੇ ਮਾਰਕੀਟਿੰਗ ਪਲੇਟਫ਼ਾਰਮ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਮਹਿਲਾਵਾਂ ਦੇ ਬਣਾਏ ਉਤਪਾਦਾਂ ਨੂੰ ਵੱਡਾ ਬਾਜ਼ਾਰ ਮਿਲ ਰਿਹਾ ਹੈ |
ਐਸ. ਡੀ. ਐਮ. ਸਵਾਤੀ ਟਿਵਾਣਾ ਨੇ ਕਿਹਾ ਕਿ ਮੇਲੇ ਦੇ ਪਿਛਲੇ ਤਿੰਨ ਦਿਨਾਂ ਵਿੱਚ ਸੈੱਲਫ਼ ਹੈਲਪ ਗਰੁੱਪਾਂ ਵੱਲੋਂ ਲਗਭਗ 15 ਲੱਖ ਰੁਪਏ ਦੀ ਰਿਕਾਰਡ ਤੋੜ ਵਿੱਕਰੀ ਕੀਤੀ ਗਈ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਹੁਣ ਆਰਥਿਕ ਤੌਰ 'ਤੇ ਮਜ਼ਬੂਤ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਮੇਲਾ ਸਿਰਫ਼ ਪ੍ਰਦਰਸ਼ਨੀ ਨਹੀਂ, ਸਗੋਂ ਮਹਿਲਾਵਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਵੱਲ ਇਕ ਮਜ਼ਬੂਤ ਕਦਮ ਹੈ |