ਮਾਛੀਵਾੜਾ ਸਾਹਿਬ, 6 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸੀ. ਐੱਚ. ਸੀ. ਮਾਛੀਵਾੜਾ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਹਿਊਮਨ ਪੈਪੀਲੋਮਾ ਵਾਇਰਸ ਰੋਕੂ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਹਿਊਮਨ ਪੈਪੀਲੋਮਾ ਵਾਇਰਸ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਬਣਦਾ ਹੈ ਅਤੇ ਟੀਕਾਕਰਨ ਕਰਵਾਉਣ ਨਾਲ ਬੱਚੀਆਂ ਨੂੰ ਕੈਂਸਰ ਤੋਂ ਸੁਰੱਖਿਅਤ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣਾ ਫ਼ਰਜ਼ ਸਮਝਦੇ ਹੋਏ 14 ਤੋਂ 15 ਸਾਲ ਉਮਰ ਦੇ ਵਿਚਕਾਰ ਦੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਡਾ. ਹਿਤੇਸ਼, ਕੁਲਵੀਰ ਕੌਰ, ਗੁਰਜੀਤ ਕੌਰ, ਗੁਰਪ੍ਰੀਤ ਕੌਰ ਮੌਜੂਦ ਸਨ |