ਖੰਨਾ, 10 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿੱਚ ਇੱਕ ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ, ਪਰ ਇਸ ਤੋਂ ਪਹਿਲਾਂ ਹੀ ਮੰਡੀਆਂ ਵਿੱਚ ਹੜਤਾਲ ਦਾ ਖ਼ਤਰਾ ਮੰਡਰਾਉਂਦਾ ਦਿਖਾਈ ਦੇ ਰਿਹਾ ਹੈ | ਆੜ੍ਹਤੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਇੱਕ ਅਪ੍ਰੈਲ ਤੋਂ ਹੜਤਾਲ 'ਤੇ ਜਾ ਸਕਦੇ ਹਨ ਅਤੇ ਕਣਕ ਦੀ ਖ਼ਰੀਦ ਦਾ ਬਾਈਕਾਟ ਕਰ ਸਕਦੇ ਹਨ | ਅਨਾਜ ਮੰਡੀ ਖੰਨਾ ਵਿੱਚ ਆੜ੍ਹਤੀਆਂ ਦੀ ਇੱਕ ਮੀਟਿੰਗ ਵਿਚ ਆੜ੍ਹਤੀਆਂ ਦੀ ਢਾਈ ਫ਼ੀਸਦੀ ਆੜ੍ਹਤ (ਕਮਿਸ਼ਨ) ਨੂੰ ਮੁੜ ਬਹਾਲ ਕਰਨ ਅਤੇ ਆੜ੍ਹਤੀਆਂ ਤੇ ਈ. ਪੀ. ਐਫ. (ਕਰਮਚਾਰੀ ਭਵਿੱਖ ਨਿਧਿ) ਦੇ ਕਾਨੂੰਨ ਜ਼ਬਰਦਸਤੀ ਲਾਗੂ ਕਰਨ ਦੀ ਕੋਸ਼ਿਸ਼ ਦਾ ਵਿਰੋਧ ਕੀਤਾ ਗਿਆ | ਆੜ੍ਹਤੀ ਆਗੂਆਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਖੰਨਾ ਮੰਡੀ ਦੇ ਕਰੀਬ 100 ਆੜ੍ਹਤੀਆਂ ਨੂੰ ਈਪੀਐਫ ਵਿਭਾਗ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਸੁਣਵਾਈ ਲਈ ਤਰੀਕਾਂ 'ਤੇ ਬੁਲਾਇਆ ਜਾ ਰਿਹਾ ਹੈ | ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਗਿਆ ਤਾਂ ਆੜ੍ਹਤੀ ਵੱਡੇ ਪੱਧਰ 'ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਨੇ ਕਿਹਾ ਕਿ ਇੱਕ ਅਪ੍ਰੈਲ ਤੋਂ ਕਣਕ ਦੀ ਖ਼ਰੀਦ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਜੇਕਰ ਸਰਕਾਰ ਨੇ ਇਸ ਤੋਂ ਪਹਿਲਾਂ ਕੋਈ ਹੱਲ ਨਾ ਕੱਢਿਆ ਤਾਂ ਆੜ੍ਹਤੀ ਹੜਤਾਲ 'ਤੇ ਜਾਣ ਲਈ ਮਜਬੂਰ ਹੋਣਗੇ | ਪ੍ਰਧਾਨ ਰੋਸ਼ਾ ਨੇ ਕਿਹਾ ਕਿ ਉਹ ਆੜ੍ਹਤੀਆਂ ਦੇ ਹੱਕਾਂ ਖ਼ਾਤਰ ਹਰ ਪ੍ਰਕਾਰ ਦੀ ਲੜਾਈ ਲੜਨ ਲਈ ਤਿਆਰ ਹਨ | ਆੜ੍ਹਤੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਇਸ ਮਾਮਲੇ ਨੂੰ ਹੋਰ ਗੰਭੀਰਤਾ ਨਾਲ ਵਿਚਾਰਨ ਲਈ 16 ਮਾਰਚ ਨੂੰ ਹਰੀਕੇ ਪੱਤਣ ਵਿਖੇ ਸੂਬਾ ਪੱਧਰੀ ਕਾਨਫ਼ਰੰਸ ਬੁਲਾਈ ਗਈ ਹੈ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ, ਆੜ੍ਹਤੀ ਭਰਪੂਰ ਚੰਦ ਬੈਕਟਰ, ਆੜ੍ਹਤੀ ਗਿਰਧਾਰੀ ਲਾਲ ਆਦਿ ਹਾਜ਼ਰ ਸਨ |