ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਨੇ ਹੋਰਨਾਂ ਸੂਬਿਆਂ ਨੂੰ ਕੀਤਾ ਪ੍ਰਭਾਵਿਤ, ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਬਣਿਆ ਪੰਜਾਬ ਸੂਬਾ- ਸੰਜੀਵ ਅਰੋੜਾ
ਅਜੀਤ ਡੈਸਕ
08-04-2026
ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ 'ਚ 2100 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜੋਕਿ ਸਰਕਾਰ ਦੀ ਚੰਗੀ ਵਪਾਰਕ ਨੀਤੀ ਦਾ ਪ੍ਰਮਾਣ ਹੈ | ਉਨ੍ਹਾਂ ਕਿਹਾ ਕਿ 2025-26 ਵਿੱਚ ਪੰਜਾਬ ਵਿੱਚ ਇਤਿਹਾਸਕ ਤੌਰ 'ਤੇ ਸਭ ਤੋਂ ਵੱਧ ਨਿਵੇਸ਼ ਹੋਇਆ ਹੈ ਅਤੇ ਇਸ ਨਾਲ ਕਰੀਬ 1 ਲੱਖ 35 ਹਜ਼ਾਰ ਲੋਕਾਂ ਨੂੰ ਰੁਜ਼ਗਾਰ ਮਿਲੇਗਾ | ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ 2026 ਨੂੰ ਬਹੁਤ ਪ੍ਰੋਗਰੈਸਿਵ ਬਣਾਇਆ ਗਿਆ ਹੈ, ਜਿਸਦੀ ਦੂਜੇ ਸੂਬਿਆਂ ਵੱਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ | ਪਹਿਲਾਂ ਸਾਡੇ ਸੂਬੇ ਦੇ ਉਦਯੋਗਪਤੀ ਕਹਿੰਦੇ ਹੁੰਦੇ ਸੀ ਕਿ ਦੂਜੇ ਸੂਬਿਆਂ ਵਰਗੀ ਨੀਤੀ ਲੈ ਕੇ ਆਓ, ਹੁਣ ਮਹਾਂਰਾਸ਼ਟਰ, ਗੁਜਰਾਤ ਵਰਗੇ ਸੂਬਿਆਂ ਦੇ ਉਦਯੋਗਪਤੀਆਂ ਦੀਆਂ ਨਜ਼ਰਾਂ ਪੰਜਾਬ ਦੀ ਨੀਤੀ ਉੱਪਰ ਹਨ | ਸਾਡੀ ਨੀਤੀ ਨੂੰ ਫਾਲੋ ਕਰ ਰਹੇ ਹਨ | ਉਨ੍ਹਾਂ ਵਿਸ਼ਵਾਸ ਜਤਾਇਆ ਕਿ 2026-27 ਲਈ ਰੱਖੇ 75 ਹਜ਼ਾਰ ਕਰੋੜ ਦੇ ਨਿਵੇਸ਼ ਟਾਰਗਟ ਨੂੰ ਨਾ ਸਿਰਫ਼ ਪੂਰਾ ਕੀਤਾ ਜਾਵੇਗਾ, ਸਗੋਂ ਇਸਤੋਂ ਵੱਧ ਵੀ ਨਿਵੇਸ਼ ਹੋਵੇਗਾ | ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਵਿੱਚ ਕਿਸੇ ਵੀ ਸੈਕਟਰ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਗਿਆ ਅਤੇ ਲਗਭਗ 20 ਪ੍ਰਕਾਰ ਦੇ ਇੰਨਸੈਂਟਿਵ ਦਿੱਤੇ ਗਏ ਹਨ | ਉਦਯੋਗਪਤੀ ਆਪਣੀ ਲੋੜ ਅਨੁਸਾਰ ਇਨ੍ਹਾਂ ਦਾ ਲਾਭ ਲੈ ਸਕਦੇ ਹਨ |
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪ੍ਰਦੂਸ਼ਣ ਅਤੇ ਫਿਊਲ ਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਕੇਵਲ ਉਦਯੋਗ ਵਿਭਾਗ ਦਾ ਨਹੀਂ, ਸਗੋਂ ਐਨਜੀਟੀ ਅਤੇ ਸੁਪਰੀਮ ਕੋਰਟ ਨਾਲ ਵੀ ਜੁੜਿਆ ਹੋਇਆ ਹੈ | ਸਰਕਾਰ ਵੱਲੋਂ ਆਈ. ਆਈ. ਟੀ. ਤੋਂ ਅਧਿਐਨ ਕਰਵਾਇਆ ਜਾ ਰਿਹਾ ਹੈ, ਜਿਸਦੀ ਰਿਪੋਰਟ ਦੇ ਆਧਾਰ ਤੇ ਅਗਲਾ ਫ਼ੈਸਲਾ ਲਿਆ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਉਦਯੋਗਾਂ ਦੀ ਮਦਦ ਕਰ ਰਹੀ ਹੈ, ਪਰ ਨਾਲ ਹੀ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣਾ ਵੀ ਜ਼ਰੂਰੀ ਹੈ | ਕੈਬਨਿਟ ਮੰਤਰੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਹਰ ਪ੍ਰਕਾਰ ਨਾਲ ਉਨ੍ਹਾਂ ਦੇ ਨਾਲ ਹੈ | ਜਿਸ ਤਰ੍ਹਾਂ ਪਹਿਲਾਂ ਮਾਨ ਸਰਕਾਰ ਨੇ ਉਦਯੋਗਾਂ ਨੂੰ ਬਚਾਉਣ ਖ਼ਾਤਰ ਹਰ ਫ਼ਰੰਟ 'ਤੇ ਆ ਕੇ ਮਦਦ ਕੀਤੀ ਹੈ, ਉਸੇ ਤਰ੍ਹਾਂ ਅੱਗੇ ਵੀ ਜਾਰੀ ਰਹੇਗੀ | ਪੰਜਾਬ ਅੰਦਰ ਸਰਪਲੱਸ ਬਿਜਲੀ ਦਾ ਦਾਅਵਾ ਕਰਦੇ ਹੋਏ ਮੰਤਰੀ ਸੰਜੀਵ ਅਰੋੜਾ ਬੋਲੇ ਕਿ ਪੰਜਾਬ ਪਾਵਰ ਸਰਪਲਸ ਰਾਜ ਹੈ ਅਤੇ ਉਦਯੋਗਾਂ ਨੂੰ ਪੂਰੀ ਸਪਲਾਈ ਦਿੱਤੀ ਜਾ ਰਹੀ ਹੈ | ਬਿਜਲੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5000 ਤੋਂ 6000 ਕਰੋੜ ਰੁਪਏ ਖਰਚੇ ਜਾ ਰਹੇ ਹਨ | ਪੰਜਾਬ ਅੰਦਰ ਇੱਕ ਮਿੰਟ ਦਾ ਵੀ ਬਿਜਲੀ ਕੱਟ ਨਹੀਂ ਲੱਗੇਗਾ | ਇਸਦੇ ਨਾਲ ਹੀ ਮੰਤਰੀ ਨੇ ਉਦਯੋਗਪਤੀਆਂ ਨੂੰ ਵੱਧ ਤੋਂ ਵੱਧ ਸੋਲਰ ਪ੍ਰੋਜੈਕਟ ਲਗਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਹੁਣ ਉਨ੍ਹਾਂ ਨੂੰ ਲੋਡ ਤੋਂ 25 ਫ਼ੀਸਦੀ ਜ਼ਿਆਦਾ ਤੱਕ ਦਾ ਸੋਲਰ ਪ੍ਰੋਜੈਕਟ ਲਗਾਉਣ ਦੀ ਮਨਜ਼ੂਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਬਹੁਤ ਛੇਤੀ ਪਾਵਰਕਾਮ ਨਵੀਂ ਭਰਤੀ ਕਰੇਗਾ 5 ਤੋਂ 6 ਹਜ਼ਾਰ ਤੱਕ ਨਵੇਂ ਮੁਲਾਜ਼ਮ ਭਰਤੀ ਹੋਣਗੇ | ਸਭ ਤੋਂ ਵੱਡੀ ਸਮੱਸਿਆ ਮੰਡੀ ਗੋਬਿੰਦਗੜ੍ਹ ਅੰਦਰ ਗੈਸ ਪਾਈਪਲਾਈਨ ਦਾ ਪ੍ਰੋਜੈਕਟ ਅਧੂਰਾ ਹੋਣਾ ਸਾਹਮਣੇ ਆਈ ਸੀ ਤਾਂ ਮੌਕੇ 'ਤੇ ਮੌਜੂਦ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਮੰਤਰੀ ਸੰਜੀਵ ਅਰੋੜਾ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਤੁਰੰਤ ਸਬੰਧਿਤ ਕੰਪਨੀ ਨਾਲ ਮੀਟਿੰਗ ਕਰਕੇ ਪ੍ਰੋਜੈਕਟ ਪੂਰਾ ਕਰਾਇਆ ਜਾਵੇ ਤੇ ਉਦਯੋਗਪਤੀਆਂ ਦੀ ਹਰ ਇਕਾਈ ਤੱਕ ਗੈਸ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ | ਕੋਲੇ ਦੀ ਵਰਤੋਂ ਦੀ ਮਨਜ਼ੂਰੀ ਦੀ ਮੰਗ ਉੱਪਰ ਮੰਤਰੀ ਅਰੋੜਾ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਜਿੱਥੇ ਤੱਕ ਆਪਣੇ ਅਧਿਕਾਰਾਂ ਦੀ ਵਰਤੋਂ ਕਰ ਸਕਦੀ ਹੈ ਉੱਥੇ ਤੱਕ ਪੂਰੀ ਮਦਦ ਕਰੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿਚੋਂ ਇੱਕ ਵਜੋਂ ਉੱਭਰਿਆ ਹੈ |
ਉਨ੍ਹਾਂ ਕਿਹਾ ਕਿ ਜੇ.ਐਸ.ਡਬਲਯੂ. ਗਰੁੱਪ ਅਤੇ ਮਿੱਤਲ ਗਰੁੱਪ ਸਮੇਤ ਪ੍ਰਮੁੱਖ ਉਦਯੋਗਿਕ ਸਮੂਹਾਂ ਵੱਲੋਂ ਕ੍ਰਮਵਾਰ 3,000 ਕਰੋੜ ਅਤੇ 2,600 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਪ੍ਰਬੰਧਕੀ ਸਕੱਤਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਗੁਰਕੀਰਤ ਕਿਰਪਾਲ ਸਿੰਘ ਨੇ ਪੀਪੀਟੀ ਰਾਹੀਂ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਦੌਰਾਨ ਡਿਪਟੀ ਕਮਿਸ਼ਨਰ ਫ਼ਤਿਹਗੜ੍ਹ ਸਾਹਿਬ ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਤਿਹਗੜ੍ਹ ਸਾਹਿਬ ਪੂਜਾ ਸਿਆਲ ਗਰੇਵਾਲ, ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਅਤੇ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ |