ਕੁਹਾੜਾ, 9 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨ ਅਤੇ ਮਜ਼ਦੂਰਾਂ ਨੂੰ ਹੱਕੀ ਮੰਗਾਂ ਸਬੰਧੀ ਜਾਗਰੂਕ ਕਰਨ ਲਈ ਸੂਬਾ ਪੱਧਰੀ ਸੈਮੀਨਾਰ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪੰਜਾਬ ਭਰ ਦੇ ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਮੀਤ ਪ੍ਰਧਾਨ ਪਮਨਦੀਪ ਸਿੰਘ ਗਰੇਵਾਲ ਅਤੇ ਪੈੱ੍ਰਸ ਸਕੱਤਰ ਜ਼ਿਲ੍ਹਾ ਲੁਧਿਆਣਾ ਈਰਿੰਦਰ ਸਿੰਘ ਜੌਲੀ ਜੰਡਿਆਲੀ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਕਿਸਾਨਾਂ ਦੀਆਂ ਹੱਕੀ ਮੰਗਾਂ ਤੇ ਖੇਤੀ ਖੇਤਰ ਵਿਚ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਗਰੂਕ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ, ਯੁੱਧਵੀਰ ਸਿੰਘ ਜਨ. ਸਕੱਤਰ, ਉੱਘੇ ਚਿੰਤਕ ਡਾ. ਪਿਆਰੇ ਲਾਲ ਗਰਗ, ਅਰਥ-ਸ਼ਾਸਤਰੀ ਡਾ. ਅਮਰਵੀਰ ਸਿੰਘ ਚੀਮਾ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵਿਸ਼ੇਸ਼ ਤੌਰ 'ਤੇ ਕਿਸਾਨਾਂ ਨੂੰ ਸੰਬੋਧਨ ਕਰਨਗੇ | ਉਨ੍ਹਾਂ ਇਲਾਕੇ ਦੇ ਸਮੂਹ ਕਿਸਾਨਾਂ ਨੂੰ ਮੋਗਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸੈਮੀਨਾਰ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ |