ਮਾਛੀਵਾੜਾ ਸਾਹਿਬ 12 ਅਪ੍ਰੈਲ (ਮਨੋਜ ਕੁਮਾਰ)-ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮਾਛੀਵਾੜਾ ਸਾਹਿਬ ਵਲੋਂ ਕਿਸਾਨਾਂ ਨੂੰ ਕਣਕ ਅਤੇ ਹੋਰ ਫ਼ਸਲਾਂ ਦੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਲੜੀ ਤਹਿਤ ਪਿੰਡ ਹੈਡੋਂ ਬੇਟ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ | ਇਸ ਕੈਂਪ ਵਿਚ ਐੈੱਸ. ਡੀ. ਐੱਮ. ਸਮਰਾਲਾ ਗੁਰਸਿਮਰਨਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਤੂੜੀ ਬਣਾਉਣ ਤੋਂ ਬਾਅਦ ਬਚੇ ਖੁਚੇ ਨਾੜ ਨੂੰ ਮਿੱਟੀ ਵਿਚ ਹੀ ਮਿਲਾਇਆ ਜਾਵੇ ਤਾਂ ਜੋ ਨਾੜ ਸਾੜਨ ਨਾਲ ਪ੍ਰਦੂਸ਼ਿਤ ਹੁੰਦੇ ਵਾਤਾਵਰਨ ਨੂੰ ਬਚਾਉਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਵੀ ਬਰਕਰਾਰ ਰੱਖੀ ਜਾ ਸਕੇ | ਉਨ੍ਹਾਂ ਦੱਸਿਆ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਕਣਕ ਨਾੜ ਸਾੜਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ ਅਤੇ ਉਲੰਘਣਾ ਕਰਨ 'ਤੇ ਜੁਰਮਾਨਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ | ਇਸ ਮੌਕੇ ਉਨ੍ਹਾਂ ਵਲੋਂ ਖੇਤੀਬਾੜੀ ਤੋਂ ਇਲਾਵਾ ਹੋਰ ਵਿਸ਼ਿਆਂ 'ਤੇ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਕੈਂਪ ਦੌਰਾਨ ਖੇਤੀਬਾੜੀ ਅਫ਼ਸਰ ਡਾ. ਰਮਿੰਦਰ ਸਿੰਘ ਨੇ ਵਿਭਾਗ ਦੀਆਂ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਝੋਨੇ ਦੇ ਬੌਣੇ ਵਾਇਰਸ ਤੋਂ ਬਚਾਅ ਲਈ ਕਿਸਾਨਾਂ ਨੂੰ ਅਗੇਤਾ ਝੋਨਾ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਵਲੋਂ ਨਿਰੰਤਰ ਟਿੱਡੇ ਦੇ ਹਮਲੇ ਦਾ ਸਰਵੇਖਣ ਕੀਤਾ ਜਾਵੇ ਅਤੇ ਵਿਭਾਗ ਵਲੋਂ ਸਿਫ਼ਾਰਿਸ਼ ਕੀਟਨਾਸ਼ਕ ਓਸ਼ੀਨ, ਚੈੈੱਸ ਜਾਂ ਪੈਕਸਾਲੋਨ ਦਵਾਈ ਦੀ ਵਰਤੋਂ ਹੀ ਕੀਤੀ ਜਾਵੇ | ਇਸ ਮੌਕੇ ਖੇਤੀਬਾੜੀ ਨਾਲ ਜੁੜੇ ਹੋਰ ਮਾਹਿਰ ਤੇ ਆਸਪਾਸ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |