ਰਾੜਾ ਸਾਹਿਬ, 13 ਅਪ੍ਰੈਲ (ਪ੍ਰੀਤਮ ਸਿੰਘ ਮੁਕੰਦਪੁਰੀ)-ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ, ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ ਅਤੇ ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਹਿੱਤਾਂ ਦੇ ਰਾਖੇ ਹੋਣ ਦਾ ਢਿਡੌਰਾ ਪਿੱਟਣ ਵਾਲੀਆਂ ਪਾਰਟੀਆਂ ਦਾ ਅਸਲੀ ਕਿਰਦਾਰ ਵੇਖ ਕੇ ਲੋਕਾਂ ਦਾ ਮਨ ਖੱਟਾ ਹੋ ਗਿਆ ਹੈ ਅਤੇ ਹੁਣ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਪੱਬਾਂ ਭਾਰ ਹੋ ਗਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਪਾਇਲਟ ਸੁਖਬੀਰ ਸਿੰਘ ਬਾਦਲ ਨੇ ਦਿਨ ਰਾਤ ਲੋਕਾਂ ਵਿੱਚ ਵਿਚਰਦੇ ਹੋਇਆਂ ਪਾਰਟੀ ਦੀਆਂ ਜੜ੍ਹਾਂ ਘਰ ਘਰ ਅਤੇ ਲੋਕਾਂ ਦੇ ਦਿਲਾਂ ਵਿੱਚ ਡੂੰਘੀਆਂ ਕਰ ਦਿੱਤੀਆਂ ਹਨ, ਜਿਸ ਕਰਕੇ ਅਗਲੀ ਸਰਕਾਰ ਲੋਕਾਂ ਦੀ ਆਪਣੀ ਖੇਤਰੀ ਪ੍ਰਤੀਨਿਧਤਾ ਕਰਦੀ ਪਾਰਟੀ ਅਕਾਲੀ ਦਲ ਦੀ ਹੀ ਬਣੇਗੀ | ਸ਼੍ਰੋਮਣੀ ਅਕਾਲੀ ਦਲ ਦੀ ਵਾਪਸੀ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਮਿਲੇਗਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਹਰ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੀ ਬਾਂਹ ਫੜੀ ਅਤੇ ਯੋਗ ਅਗਵਾਈ ਦਿੱਤੀ | ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵਿਕਾਸਸ਼ੀਲ ਯੋਜਨਾਵਾਂ ਉਲੀਕੀਆਂ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਮੁੱਚਾ ਕੇਡਰ ਅਤੇ ਵਰਕਰ ਇੱਕਮੁੱਠ ਹੋ ਕੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਰਹੇ ਹਨ ਅਤੇ ਲੋਕ ਦਿਨੋਂ ਦਿਨ ਮੌਜੂਦਾ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਬਾਹਰ ਆ ਰਹੇ ਹਨ | ਅਕਾਲੀ ਦਲ ਦੀਆਂ ਰੈਲੀਆਂ ਵਿੱਚ ਰਿਕਾਰਡ ਤੋੜ ਇਕੱਠ ਪੰਜਾਬ ਲਈ ਸ਼ੁੱਭ ਸੰਕੇਤ ਹੈ |