ਮਲੌਦ, 16 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗੋਇਲ ਅਤੇ ਕੌਂਸਲਰ ਦੀਪਕ ਗੋਇਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਮੁੱਚੀ ਦੁਨੀਆ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਵੱਖ ਵੱਖ ਧਰਮਾ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਿਣੌਨੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜੋ ਕਿ ਨਾ ਕੇਵਲ ਧਾਰਮਿਕ ਆਸਥਾ ਨੂੰ ਠੇਸ ਪਹੰੁਚਾਉਂਦੀਆਂ ਸਨ ਬਲਕਿ ਸਮਾਜਿਕ ਸਾਂਝ ਲਈ ਖ਼ਤਰਾ ਬਣਦੀਆਂ ਸਨ | ਇਨਾਂ ਨੂੰ ਵੇਖਦੇ ਹੋਏ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜੋ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026' ਪਾਸ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨਾਂ ਕਿਹਾ ਕਿ ਸੰਗਤਾਂ ਦੀ ਮੰਗ ਅਨੁਸਾਰ ਸਰਕਾਰ ਨੇ ਇਸ ਬਿੱਲ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਸਜਾਵਾਂ ਰੱਖਣ ਦੇ ਨਾਲ ਨਾਲ ਸਾਜ਼ਿਸ਼ ਕਰਤਾ ਲਈ ਵੀ ਸਖ਼ਤ ਸਜਾਵਾਂ ਰੱਖੀਆਂ ਹਨ, ਜਿਸ ਕਾਰਨ ਕੋਈ ਵੀ ਅਜਿਹੀ ਘਿਣੌਨੀ ਘਟਨਾ ਕਰਨ ਜਾਂ ਕਰਾਉਣ ਦੀ ਹਿੰਮਤ ਨਹੀਂ ਕਰੇਗਾ | ਉਨਾਂ ਕਿਹਾ ਕਿ ਆਪ ਸਰਕਾਰ ਜਿੱਥੇ ਸੂਬੇ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਨੇਕਾ ਮਿਸਾਲੀ ਕਾਰਜ ਕਰ ਰਹੀ ਹੈ ਉੱਥੇ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖ ਕੇ ਲੋਕਾਂ ਦੀ ਆਪਣੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ |