ਮਾਛੀਵਾੜਾ ਸਾਹਿਬ, 20 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ | ਜਿਸ ਸਬੰਧੀ 13 ਅਪ੍ਰੈਲ 2026 ਵਾਲੇ ਦਿਨ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਬੇਅਦਬੀ ਦੇ ਮੁੱਦੇ 'ਤੇ ਕਾਨੂੰਨ ਸਖ਼ਤ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਦਾ ਸਵਾਗਤ ਕਰਦਿਆਂ ਸੂਬੇਦਾਰ ਲਾਭ ਸਿੰਘ ਯਾਦਗਾਰੀ ਸਮਾਜ ਸੇਵੀ ਸੁਸਾਇਟੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਆਲਮਗੀਰ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ਤੇ ਅਮਨ ਵਿਰੋਧੀ ਤਾਕਤਾਂ ਅਜਿਹੀਆਂ ਕਾਰਵਾਈਆਂ ਨਾਲ ਪੰਜਾਬੀਆਂ ਦੀ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਖ਼ਤ ਸਜ਼ਾਵਾਂ ਦੇ ਡਰ ਕਾਰਨ ਬੇਅਦਬੀ ਦੇ ਮਾਮਲੇ ਜ਼ਰੂਰ ਘਟਣਗੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਅਜਿਹਾ ਕੰਮ ਕੀਤਾ ਹੈ ਜਿਸ ਦੀ ਆਸ ਲੋਕਾਂ ਨੂੰ ਪੰਥਕ ਕਹਾਉਣ ਵਾਲੀ ਸਰਕਾਰ ਸਮੇਂ ਸੀ | ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਤੁਰੰਤ ਸਖ਼ਤੀ ਨਾਲ ਨਜਿੱਠੇ ਤਾਂ ਜੋ ਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ |