ਮਲੌਦ, 22 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਵਿਧਾਨ ਸਭਾ ਵਿੱਚ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਲਿਆਂਦਾ ਬਿੱਲ ਹੁਣ ਕਾਨੂੰਨ ਬਣ ਗਿਆ ਹੈ | ਪੰਜਾਬ ਦੇ ਮਾਨਯੋਗ ਰਾਜਪਾਲ ਵਲੋਂ ਇਸ ਬਿੱਲ ਨੂੰ ਮਨਜ਼ੂਰੀ ਦੇਣ ਨਾਲ ਇਹ ਫੈਸਲਾ ਲਾਗੂ ਹੋ ਗਿਆ ਹੈ ਜੋ ਧਾਰਮਿਕ ਆਸਥਾ ਅਤੇ ਮਰਿਆਦਾ ਦੀ ਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਪਾਇਲ ਤੋਂ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਇਹ ਬਿੱਲ ਹੁਣ ਕਾਨੂੰਨ ਦਾ ਰੂਪ ਧਾਰਨ ਕਰ ਚੁੱਕਾ ਹੈ | ਇਸ ਕਾਨੂੰਨ ਦੇ ਤਹਿਤ ਬੇਅਦਬੀ ਦੇ ਮਾਮਲਿਆਂ ਉੱਤੇ ਹੋਰ ਸਖਤ ਨਿਗਰਾਨੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਕਾਨੂੰਨ ਉਨ੍ਹਾਂ ਤਾਕਤਾਂ ਲਈ ਸਖ਼ਤ ਜਵਾਬ ਹੈ ਜੋ ਧਰਮ ਦੇ ਨਾਂਅ ਉੱਤੇ ਲੋਕਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੀਆਂ ਪਾਰਟੀਆਂ ਆਪਣੇ ਆਪ ਨੂੰ ਪੰਥਕ ਕਹਾਉਂਦੀਆਂ ਰਹੀਆਂ ਹਨ ਉਹ ਇਸ ਮੁੱਦੇ ਦਾ ਹੱਲ ਨਹੀਂ ਕਰ ਸਕੀਆਂ | ਉਨ੍ਹਾਂ ਕਿਹਾ ਕਿ ਹੁਣ ਕਿਸੇ ਨੂੰ ਵੀ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਹੋਵੇਗੀ | ਇਹ ਕਾਨੂੰਨ ਸਮਾਜ ਵਿਚ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰੇਗਾ | ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਅੰਦਰ ਸ਼ਾਂਤੀ ਅਤੇ ਏਕਤਾ ਦਾ ਖ਼ਾਸ ਸੁਨੇਹਾ ਦੇਵੇਗਾ |