ਸਾਹਨੇਵਾਲ, 24 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਵਿੰਦਰ ਸਿੰਘ ਹੈਪੀ ਨੇ ਮਾਨ ਸਰਕਾਰ ਵਲੋਂ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਬਣਾਏ ਗਏ ਕਾਨੂੰਨ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਮਾਜ ਵਿੱਚ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਵੱਲ ਇਕ ਇਤਿਹਾਸਕ ਕਦਮ ਹੈ | ਉਨ੍ਹਾਂ ਕਿਹਾ ਕਿ ਪੰਜਾਬ ਇੱਕ ਧਾਰਮਿਕ ਅਤੇ ਸਾਂਝੀਵਾਲਤਾ ਦੀ ਧਰਤੀ ਹੈ, ਜਿੱਥੇ ਹਰ ਧਰਮ ਅਤੇ ਮੱਤ ਦੇ ਲੋਕ ਇਕੱਠੇ ਰਹਿੰਦੇ ਹਨ | ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮਾਹੌਲ ਵਿਚ ਬੇਅਦਬੀ ਵਰਗੀਆਂ ਘਟਨਾਵਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਸਮਾਜਕ ਏਕਤਾ ਨੂੰ ਖ਼ਤਰੇ ਵਿਚ ਪਾ ਦਿੰਦੀਆਂ ਹਨ | ਹੈਪੀ ਨੇ ਕਿਹਾ ਕਿ ਮਾਨ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਕਾਨੂੰਨ ਲਿਆਂਦਾ ਹੈ, ਜੋ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕਰਦਾ ਹੈ ਅਤੇ ਅਜਿਹੀਆਂ ਘਟਨਾਵਾਂ 'ਤੇ ਰੋਕ ਲਗਾਉਣ ਵਿਚ ਮਦਦਗਾਰ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਇਸ ਗੰਭੀਰ ਮਸਲੇ ਨੂੰ ਲੈ ਕੇ ਸਿਰਫ਼ ਰਾਜਨੀਤੀ ਕੀਤੀ, ਪਰ ਹੱਲ ਨਹੀਂ ਦਿੱਤਾ | ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿੱਚ ਰੱਖਦਿਆਂ ਠੋਸ ਕਦਮ ਚੁੱਕਿਆ ਹੈ | ਇਹ ਕਾਨੂੰਨ ਸਿਰਫ਼ ਸਜ਼ਾ ਦੇਣ ਲਈ ਹੀ ਨਹੀਂ, ਸਗੋਂ ਸਮਾਜ ਵਿੱਚ ਇੱਕ ਸਪਸ਼ਟ ਚੇਤਾਵਨੀ ਹੈ ਕਿ ਕਿਸੇ ਵੀ ਧਰਮ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |ਸਤਵਿੰਦਰ ਸਿੰਘ ਹੈਪੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਨੂੰਨ ਦਾ ਸਵਾਗਤ ਕਰਨ ਅਤੇ ਸਮਾਜ ਵਿੱਚ ਭਾਈਚਾਰੇ ਨੂੰ ਕਾਇਮ ਰੱਖਣ ਲਈ ਆਪਣਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੋਕਾਂ ਦੀ ਸਾਂਝੀ ਕੋਸ਼ਿਸ਼ ਨਾਲ ਹੀ ਅਸੀਂ ਇੱਕ ਸ਼ਾਂਤਮਈ ਅਤੇ ਸੁਖੀ ਪੰਜਾਬ ਦਾ ਨਿਰਮਾਣ ਕਰ ਸਕਦੇ ਹਾਂ |