ਕੁਹਾੜਾ, 25 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਪਿੰਡ ਕਰੌੜ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਵਿੰਦਰ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਵਲੋਂ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਸਰਪੰਚ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲਿਆ ਗਿਆ ਇਹ ਕਦਮ ਸਮਾਜ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਪਹਿਲ ਹੈ | ਉਨ੍ਹਾਂ ਕਿਹਾ ਕਿ ਬੇਅਦਬੀ ਵਰਗੀਆਂ ਘਟਨਾਵਾਂ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਦੀ ਹੈ, ਜਿਸ ਨਾਲ ਸਮਾਜ ਵਿਚ ਤਣਾਅ ਪੈਦਾ ਹੁੰਦਾ ਹੈ | ਇਸ ਲਈ ਅਜਿਹੇ ਗੰਭੀਰ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਬਹੁਤ ਲੋੜ ਸੀ | ਸਰਪੰਚ ਨੇ ਆਸ ਜਤਾਈ ਕਿ ਨਵੇਂ ਕਾਨੂੰਨ ਨਾਲ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗੇਗੀ | ਸਰਪੰਚ ਕਰੌੜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਇਸ ਨਾਲ ਲੋਕਾਂ ਦਾ ਵਿਸ਼ਵਾਸ ਸਰਕਾਰ 'ਤੇ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਨੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਾਂਝ ਅਤੇ ਆਪਸੀ ਭਰੋਸੇ ਨੂੰ ਕਾਇਮ ਰੱਖਣ ਲਈ ਇਕੱਠੇ ਹੋ ਕੇ ਕੰਮ ਕੀਤਾ ਜਾਵੇ |