ਕੁਹਾੜਾ, 25 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਦੇ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਬੀ. ਸੀ. ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ 'ਤੇ ਤੰਜ਼ ਕੱਸਦਿਆਂ ਕਿਹਾ ਕਿ ਜਿਹੜੇ ਦਾਅਵੇ ਕਦੇ ਰਾਘਵ ਚੱਢਾ ਕਰਦੇ ਸਨ ਕਿ ਉਨ੍ਹਾਂ ਨੂੰ ਕੋਈ ਖ਼ਰੀਦ ਨਹੀਂ ਸਕਦਾ, ਅੱਜ ਉਨ੍ਹਾਂ ਦੇ ਕਦਮ ਹੀ ਉਨ੍ਹਾਂ ਦੇ ਬਿਆਨਾਂ 'ਤੇ ਸਵਾਲ ਖੜੇ ਕਰ ਰਹੇ ਹਨ | ਰਾਜੀ ਸਾਹਨੇਵਾਲ ਨੇ ਕਿਹਾ ਕਿ ਉਨ੍ਹਾਂ ਸਿਰਫ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੀ ਨਹੀਂ, ਸਗੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਲੋਕਾਂ ਨਾਲ ਵੀ ਧੋਖਾ ਕੀਤਾ ਹੈ, ਪੰਜਾਬ ਦੇ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਪੰਜਾਬ ਦੇ ਕਿਸੇ ਵੀ ਪਿੰਡ ਤੋਂ ਚੋਣ ਲੜ ਕੇ ਵੇਖਣ, ਲੋਕ ਉਨ੍ਹਾਂ ਨੂੰ ਅਸਲ ਹਕੀਕਤ ਸਾਹਮਣੇ ਆ ਜਾਵੇਗੀ | ਚੇਅਰਮੈਨ ਰਾਜੀ ਨੇ ਦਾਅਵਾ ਕੀਤਾ ਕਿ ਭਾਜਪਾ ਵਿਚ ਜਾ ਚੁੱਕੇ ਰਾਜ ਸਭਾ ਮੈਂਬਰ ਇਸ ਸਮੇਂ ਸੂਬੇ ਦੇ ਲੋਕਾਂ ਦਾ ਭਰੋਸਾ ਬਿਲਕੁਲ ਗੁਆ ਚੁੱਕੇ ਹਨ ਅਤੇ ਉਹ ਕਿਸੇ ਵੀ ਚੋਣ ਵਿਚ ਕਾਮਯਾਬ ਨਹੀਂ ਹੋ ਸਕਦੇ |