ਖੰਨਾ, 27 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪੁਲਿਸ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ | ਐੱਸ. ਐੱਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ 'ਤੇ ਖੰਨਾ ਪੁਲਿਸ ਨੇ ਕਿਰਾਏਦਾਰ ਵੈਰੀਫਿਕੇਸ਼ਨ ਨੂੰ ਲੈ ਕੇ ਸਖ਼ਤੀ ਵਧਾ ਦਿੱਤੀ ਹੈ | ਇਸ ਮੁਹਿੰਮ ਤਹਿਤ ਸਿਟੀ ਥਾਣਾ-2 ਖੰਨਾ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮਕਾਨ ਮਾਲਕਾਂ ਨੂੰ ਗਿ੍ਫ਼ਤਾਰ ਕੀਤਾ, ਜਿਨ੍ਹਾਂ ਨੇ ਬਿਨਾਂ ਪੁਲਿਸ ਵੈਰੀਫਿਕੇਸ਼ਨ ਦੇ ਕਿਰਾਏਦਾਰ ਰੱਖੇ ਹੋਏ ਸਨ | ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ ਅਜੀਤੇਜ਼ ਕੌਸ਼ਲ ਨੇ ਦੱਸਿਆ ਕਿ ਐੱਸ. ਐੱਸ. ਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਦੋਸ਼ੀਆਂ ਦੀ ਪਛਾਣ ਰਾਕੇਸ਼ ਕੁਮਾਰ ਅਤੇ ਸੁਖਵੀਰ ਸਿੰਘ ਵਾਸੀ ਬਸੰਤ ਨਗਰ, ਖੰਨਾ ਵਜੋਂ ਹੋਈ ਹੈ | ਦੋਵਾਂ ਨੇ ਆਪਣੇ ਮਕਾਨਾਂ ਦੇ ਕਮਰੇ ਕਿਰਾਏ 'ਤੇ ਦਿੰਦੇ ਸਮੇਂ ਲਾਜ਼ਮੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਅਤੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਾਈ, ਜੋ ਸੁਰੱਖਿਆ ਨਿਯਮਾਂ ਦੀ ਸਿੱਧੀ ਉਲੰਘਣਾ ਹੈ | ਐੱਸ. ਐੱਚ. ਓ. ਅਜੀਤੇਜ਼ ਕੌਸ਼ਲ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇਲਾਕੇ ਵਿੱਚ ਚੈਕਿੰਗ ਦੌਰਾਨ ਇਸ ਲਾਪਰਵਾਹੀ ਨੂੰ ਬੇਨਕਾਬ ਕੀਤਾ ਅਤੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਦੀ ਇਸ ਤਤਪਰਤਾ ਅਤੇ ਚੌਕਸੀ ਦੀ ਸ਼ਹਿਰ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ, ਕਿਉਂਕਿ ਇਸ ਨਾਲ ਇਲਾਕੇ ਦੀ ਸੁਰੱਖਿਆ ਹੋਰ ਮਜ਼ਬੂਤ ਹੋਵੇਗੀ | ਹਾਲਾਂਕਿ ਜ਼ਮਾਨਤੀ ਧਾਰਾਵਾਂ ਹੋਣ ਕਰਕੇ ਬਾਅਦ ਵਿੱਚ ਦੋਵਾਂ ਦੋਸ਼ੀਆਂ ਨੂੰ ਜ਼ਮਾਨਤ 'ਤੇ ਛੱਡਿਆ ਗਿਆ, ਪਰ ਪੁਲਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਪੁਲਿਸ ਅਧਿਕਾਰੀਆਂ ਮੁਤਾਬਿਕ ਕਿਰਾਏਦਾਰ ਵੈਰੀਫਿਕੇਸ਼ਨ ਇੱਕ ਮਹੱਤਵਪੂਰਨ ਸੁਰੱਖਿਆ ਕਦਮ ਹੈ, ਜਿਸ ਨਾਲ ਅਪਰਾਧਿਕ ਗਤੀਵਿਧੀਆਂ 'ਤੇ ਨਿਗਰਾਨੀ ਰੱਖਣ ਵਿੱਚ ਮਦਦ ਮਿਲਦੀ ਹੈ ਅਤੇ ਸ਼ਹਿਰ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਿਯੋਗ ਮਿਲਦਾ ਹੈ | ਇਸ ਮੌਕੇ ਐੱਸ. ਐੱਚ. ਓ. ਅਜੀਤੇਜ ਕੌਸ਼ਲ ਨੇ ਸ਼ਹਿਰ ਵਾਸੀਆਂ ਨੂੰ ਖ਼ਾਸ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਬਿਨਾਂ ਪੁਲਿਸ ਵੈਰੀਫਿਕੇਸ਼ਨ ਦੇ ਕਿਰਾਏਦਾਰ ਨਾ ਰੱਖੇ | ਉਨ੍ਹਾਂ ਨੇ ਕਿਹਾ ਕਿ ਸਾਰੇ ਮਕਾਨ ਮਾਲਕ ਆਪਣੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਸਾਂਝ ਕੇਂਦਰ ਰਾਹੀਂ ਜ਼ਰੂਰ ਕਰਵਾਉਣ ਅਤੇ ਲਾਜ਼ਮੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਕਰਨ | ਉਨ੍ਹਾਂ ਨੇ ਅੱਗੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਜੇਕਰ ਕੋਈ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪੁਲਿਸ ਦੀ ਇਸ ਸਰਗਰਮੀ ਅਤੇ ਸਖ਼ਤੀ ਨਾਲ ਸਾਫ਼ ਸੁਨੇਹਾ ਜਾਂਦਾ ਹੈ ਕਿ ਕਾਨੂੰਨ ਪ੍ਰਤੀ ਲਾਪਰਵਾਹੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ ਮੁਕਤ ਬਣਾਇਆ ਜਾ ਸਕੇ |