ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕਤਵਾਲੀ ਦੀ ਪੁਲਿਸ ਨੇ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਸ਼ਹਿਰ ਵਿਚ ਮਸ਼ਹੂਰ ਵਪਾਰੀ ਦਾ ਲੱਖਾਂ ਰੁਪਏ ਦਾ ਸਮਾਨ ਖੁਰਦ ਬੁਰਦ ਕਰਨ ਦੇ ਮਾਮਲੇ ਵਿਚ ਟੈਕਸੀ ਚਾਲਕ.ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡੀ ਗਲੀ ਵਿਚ ਦਵਾਈਆਂ ਦਾ ਕਾਰੋਬਾਰ ਕਰਦੇ ਰਵਨੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨਾਰੰਗ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਅਜੀਤ ਨਗਰ ਦੇ ਰਹਿਣ ਵਾਲੇ ਮਲਕੀਤ ਸਿੰਘ ਪੁੱਤਰ ਦਲਬੀਰ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦਾ ਦਵਾਈਆਂ ਦਾ ਕਾਰੋਬਾਰ ਹੈ ਅਤੇ ਬੀਤੇ ਦਿਨ ਉਸਨੇ ਉਕਤ ਕਥਿਤ ਦੋਸ਼ੀ ਨੂੰ ਲੱਖਾਂ ਰੁਪਏ ਦੀਆਂ ਦਵਾਈਆਂ ਦੇ ਕੇ ਸ਼੍ਰੀਨਗਰ ਤੇ ਸਰਕਾਰੀ ਕਾਲਜ ਵਿਚ ਭੇਜਿਆ ਸੀ, ਪਰ ਕਥਿਤ ਦੋਸ਼ੀ ਵੱਲੋਂ ਰਸਤੇ ਵਿਚ ਇਨ੍ਹਾਂ ਦਵਾਈਆਂ ਵਿੱਚੋਂ 5 ਲੱਖ ਦੇ ਕਰੀਬ ਮੁੱਲ ਦੀਆਂ ਦਵਾਈਆਂ ਨੂੰ ਖੁਰਦ ਬੁਰਦ ਕਰ ਦਿੱਤਾ | ਜਿਸ 'ਤੇ ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਕੇਸ ਦਰਜ ਕਰਨ ਦੇ ਹੁਕਮ ਦਿੱਤੇ | ਪੁਲਿਸ ਵਲੋਂ ਕੇਸ ਦਰਜ ਕਰਨ ਉਪਰੰਤ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |