ਮਾਛੀਵਾੜਾ ਸਾਹਿਬ, 5 ਮਈ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੇ ਪਿ੍ੰਸੀਪਲ ਡਾ. ਰਜਿੰਦਰ ਕੌਰ ਵੱਲੋਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਉਪਰਾਲਾ ਅਕਾਦਮਿਕ ਸੈਸ਼ਨ 2026-27 ਲਈ ਸਕਾਲਰਸ਼ਿਪ ਪ੍ਰੀਖਿਆ ਦੇ ਰੂਪ 'ਚ ਕੀਤਾ ਜਾ ਰਿਹਾ ਹੈ | ਕਾਲਜ ਪਿ੍ੰਸੀਪਲ ਨੇ ਦੱਸਿਆ ਕਿ ਇਹ ਪ੍ਰੀਖਿਆ ਦਾ ਮੁੱਖ ਉਦੇਸ਼ ਹੋਣਹਾਰ, ਹੁਸ਼ਿਆਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਪਛਾਣਦੇ ਹੋਏ ਉਨ੍ਹਾਂ ਨੂੰ ਆਰਥਿਕ ਮਦਦ ਦਿੰਦੇ ਹੋਏ ਉਚੇਰੀ ਸਿੱਖਿਆ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ 'ਚ ਮੈਰਿਟ ਹਾਸਲ ਕਰਨ ਵਾਲੇ ਯੋਗ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਕੋਰਸ ਫ਼ੀਸ 'ਚ ਸਕਾਲਰਸ਼ਿਪ ਦਿੱਤੀ ਜਾਵੇਗੀ | ਸਕਾਲਰਸ਼ਿਪ ਪ੍ਰੀਖਿਆ ਦੇ ਕਨਵੀਨਰ ਡਾ. ਰਣਜੀਤ ਕੌਰ ਨੇ ਇਸ ਸਬੰਧੀ ਵਿਸਥਾਰ ਨਾਲ ਦੱਸਦੇ ਹੋਏ ਕਿਹਾ ਕਿ ਟੈਸਟ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 7 ਮਈ 2026 ਜਦਕਿ ਪ੍ਰੀਖਿਆ 9 ਮਈ 2026 ਨੂੰ ਸਵੇਰੇ 10 ਵਜੇ ਹੋਵੇਗੀ | ਇਸ ਪ੍ਰੀਖਿਆ ਲਈ ਕੋਈ ਵੀ ਰਜਿਸਟਰੇਸ਼ਨ ਫ਼ੀਸ ਨਹੀਂ ਹੈ | ਟੈਸਟ 'ਚ ਬਾਰ੍ਹਵੀਂ ਜਮਾਤ ਦੇ ਪਾਠਕ੍ਰਮ ਅਨੁਸਾਰ ਹੀ 75 ਬਹੁ-ਵਿਕਲਪੀ ਪ੍ਰਸ਼ਨ ਪੁੱਛੇ ਜਾਣਗੇ ਜਿਸਦੀ ਸੀਮਾ ਸਮਾਂ 60 ਮਿੰਟ ਦੀ ਹੋਵੇਗੀ | ਇਸ ਪ੍ਰੀਖਿਆ 'ਚ ਪ੍ਰਾਪਤ ਅੰਕਾਂ ਦੇ ਅਧਾਰ 'ਤੇ ਹੀ ਵਿਦਿਆਰਥੀ ਦੀ ਮੈਰਿਟ ਅਨੁਸਾਰ ਕਾਲਜ ਫ਼ੀਸ 'ਚ ਵਿਸ਼ੇਸ਼ ਛੂਟ ਦਿੱਤੀ ਜਾਵੇਗੀ | ਕਾਲਜ ਵੱਲੋਂ ਗੂਗਲ ਫਾਰਮ ਦਾ ਲਿੰਕ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ ਵਿਦਿਆਰਥੀ ਆਪਣੀ ਰਜਿਸਟਰੇਸ਼ਨ ਕਰਵਾ ਸਕਣ |