ਕੁਹਾੜਾ, 14 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਕਟਾਣੀ ਕਲਾਂ ਵਿਖੇ ਆਯੁਰਵੈਦਿਕ ਦਵਾਖ਼ਾਨਾ ਚਲਾ ਰਹੇ ਵਿਅਕਤੀ ਨੂੰ ਅਣਪਛਾਤੇ ਨੰਬਰ ਤੋਂ ਧਮਕੀ ਭਰੇ ਫ਼ੋਨ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ, ਪੀੜਤ ਅਨੁਸਾਰ ਫ਼ੋਨ ਕਰਨ ਵਾਲੇ ਵਿਅਕਤੀ ਵਲੋਂ ਪੈਸਿਆਂ ਦੀ ਮੰਗ ਕੀਤੀ ਗਈ ਹੈ, ਜਿਸ ਕਾਰਨ ਪੀੜਤ ਪਰਿਵਾਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਗੁਰਜੀਤ ਸਿੰਘ ਪੁੱਤਰ ਹਰਮੇਲ ਸਿੰਘ ਵਾਸੀ ਰਾਈਆਂ ਨੇ ਦੱਸਿਆ ਕਿ ਉਸ ਦੀ ਇਕ ਪ੍ਰਾਈਵੇਟ ਕੰਪਨੀ ਹੈ ਅਤੇ ਨਾਲ-ਨਾਲ ਪਿੰਡ ਕਟਾਣੀ ਕਲਾਂ ਵਿਖੇ ਆਯੁਰਵੈਦਿਕ ਦਵਾਖ਼ਾਨਾ ਚਲਾਉਂਦੇ ਹਨ ਅਤੇ ਪ੍ਰਾਪਰਟੀ ਦਾ ਕਾਰੋਬਾਰ ਵੀ ਕਰਦੇ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਨੂੰ ਉਨ੍ਹਾਂ ਨੂੰ ਇਕ ਅਣਪਛਾਤੇ ਨੰਬਰ ਤੋਂ ਫ਼ੋਨ ਆਇਆ, ਜਿਸ ਵਿਚ ਕਾਲਰ ਨੇ ਧਮਕੀ ਭਰੇ ਲਹਿਜ਼ੇ ਵਿਚ ਪੈਸਿਆਂ ਦੀ ਮੰਗ ਕਰਦਿਆਂ ਕਿਹਾ ਕਿ 'ਤੂੰ ਬੰਦਾ ਬਣ ਜਾ ਨਹੀਂ ਤਾਂ ਅਸੀਂ ਤੈਨੂੰ ਬੰਦਾ ਬਣਾ ਦਿਆਂਗੇ, ਅਸੀਂ ਤੇਰੇ ਬਾਰੇ ਸਭ ਕੁੱਝ ਜਾਣਦੇ ਹਾਂ' | ਸ਼ਿਕਾਇਤਕਰਤਾ ਅਨੁਸਾਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਲਗਾਤਾਰ ਧਮਕੀ ਭਰੇ ਫ਼ੋਨ ਆ ਰਹੇ ਹਨ | ਇਨ੍ਹਾਂ ਫੋਨਾਂ ਕਾਰਨ ਉਹ ਅਤੇ ਉਨ੍ਹਾਂ ਦਾ ਪਰਿਵਾਰ ਕਾਫੀ ਸਹਿਮਿਆ ਹੋਇਆ ਹੈ | ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਫ਼ੋਨ ਕਰਨ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਥਾਣਾ ਕੂੰਮਕਲਾਂ ਦੇ ਮੁਖੀ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ੋਨ ਕਰਨ ਵਾਲੇ ਵਿਅਕਤੀ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ |