ਡੇਹਲੋਂ, 23 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਹਲਕਾ ਗਿੱਲ ਦੇ ਸਰਗਰਮ ਯੂਥ ਅਕਾਲੀ ਆਗੂ ਘਨੱਈਆ ਸਿੰਘ ਲਹਿਰਾ ਵਲੋਂ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨਾਲ ਅਹਿਮ ਮੁਲਾਕਾਤ ਕਰ ਕੇ ਪਾਰਟੀ ਦੀ ਮਜ਼ਬੂਤੀ ਸੰਬੰਧੀ ਵਿਚਾਰ-ਚਰਚਾ ਕੀਤੀ ਗਈ | ਇਸ ਮਿਲਣੀ ਸੰਬੰਧੀ ਯੂਥ ਅਕਾਲੀ ਆਗੂ ਘਨੱਈਆ ਸਿੰਘ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਗਿੱਲ ਲਈ ਇੰਚਾਰਜ ਥਾਪੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ, ਕਿਉਂਕਿ ਹਲਕਾ ਇੰਚਾਰਜ ਸਿਮਕ ਪੜੇ੍ਹ ਲਿਖੇ ਤੇ ਸਹਿਜ ਸੁਭਾਅ ਦੇ ਮਾਲਕ ਹਨ, ਜਿਨ੍ਹਾਂ ਨੇ ਕੁੱਝ ਸਮੇਂ ਵਿੱਚ ਹੀ ਹਲਕਾ ਗਿੱਲ ਦੇ ਹਰ ਵਰਗ ਦੇ ਲੋਕਾਂ ਦੇ ਦਿਲਾਂ 'ਚ ਆਪਣੀ ਪਛਾਣ ਬਣਾ ਲਈ ਹੈ | ਯੂਥ ਆਗੂ ਲਹਿਰਾ ਨੇ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ, ਕਿਉਂਕਿ ਵਿਰੋਧੀ ਪਾਰਟੀਆਂ ਕੋਲ ਸ਼੍ਰੋਮਣੀ ਅਕਾਲੀ ਦਲ ਦੇ ਮੁਕਾਬਲੇ ਕੋਈ ਉਮੀਦਵਾਰ ਨਹੀਂ ਹੋਵੇਗਾ | ਘਨੱਈਆ ਸਿੰਘ ਲਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਰੈਲੀਆਂ ਦੌਰਾਨ ਆਪ ਮੁਹਾਰੇ ਲੋਕਾਂ ਦੇ ਹੋ ਰਹੇ ਇਕੱਠਾਂ ਨੇ ਸਾਬਤ ਕਰ ਦਿੱਤਾ ਹੈ, ਕਿ ਹੁਣ ਸੂਬੇ ਦੇ ਸਾਰੇ ਵਰਗਾਂ ਦੇ ਸੂਝਵਾਨ ਵੋਟਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ | ਯੂਥ ਆਗੂ ਲਹਿਰਾ ਨੇ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਰੈਲੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ, ਜਿਸ ਕਾਰਨ ਵਿਰੋਧੀ ਪਾਰਟੀਆਂ ਸਮੇਤ 'ਆਪ' ਦੇ ਆਗੂਆਂ ਨੂੰ ਕੰਬਣੀ ਛਿੜ ਗਈ ਹੈ | ਯੂਥ ਆਗੂ ਲਹਿਰਾ ਨੇ ਕਿਹਾ ਕਿ ਸੂਬੇ ਅੰਦਰ ਨਿੱਤ ਦਿਨ ਹੋ ਰਹੀਆਂ ਕਤਲੋਗਾਰਦ ਦੀਆਂ ਘਟਨਾਵਾਂ ਨੇ ਸਹਿਮ ਪੈਦਾ ਕਰ ਦਿੱਤਾ ਹੈ, ਜਿਸ ਕਾਰਨ ਸੂਬਾ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੋਇਆ ਹੈ |