ਕੁਹਾੜਾ, 23 ਮਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੇ ਵਾਅਦਿਆਂ ਤੋਂ ਅੱਕੇ 2004 ਤੋਂ ਬਾਅਦ ਭਰਤੀ ਹੋਏ ਐਨ. ਪੀ. ਐੱਸ. ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕਰ ਲਿਆ ਹੈ | ਲੰਬੇ ਸਮੇਂ ਤੋਂ ਇਸ ਮੁੱਦੇ 'ਤੇ ਸੰਘਰਸ਼ ਕਰ ਰਹੀਆਂ ਤਿੰਨ ਜਥੇਬੰਦੀਆਂ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਚੀਮਾ, ਸੰਦੀਪ ਭੰਬਕ ਅਤੇ ਟਹਿਲ ਸਿੰਘ ਸਰਾਭਾ ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਬੈਨਰ ਹੇਠ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ | ਇਸ ਸਬੰਧੀ ਗੁਰਦੀਪ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਤੋਂ ਮੁਨਕਰ ਹੋ ਚੁੱਕੀ ਹੈ ਅਤੇ ਚਾਰ ਸਾਲ ਬੀਤ ਜਾਣ ਬਾਵਜੂਦ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਨੋਟੀਫ਼ਿਕੇਸ਼ਨ ਨੂੰ ਲਾਗੂ ਨਹੀਂ ਕੀਤਾ ਗਿਆ | ਸੂਬਾ ਕੋ-ਕਨਵੀਨਰ ਅਜੀਤਪਾਲ ਸਿੰਘ ਅਤੇ ਸੂਬਾ ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ 28 ਮਈ ਨੂੰ ਜ਼ਿਲ੍ਹਾ ਪੱਧਰੀ ਰੋਸ ਧਰਨਾ ਕਰ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ |