ਹੰਬੜਾਂ, 24 ਮਈ (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਵਿਖੇ ਐੱਸ.ਐੱਮ.ਸੀ ਅਤੇ ਸਰਪੰਚ ਗੁਰਪ੍ਰੀਤ ਸਿੰਘ ਢੇਸੀ 'ਤੇ ਪੰਚਾਇਤ ਦੀ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿੱਚ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਰੋਮਿਲ ਮਹਿਤਾ ਅਤੇ ਸਟਾਫ਼ ਮੈਂਬਰਾਂ ਵੱਲੋਂ ਸਮੂਹ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਕੂਲੀ ਗਤੀਵਿਧੀਆਂ ਅਤੇ ਬੱਚਿਆਂ ਦੀ ਪੜ੍ਹਾਈ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਤੇ ਸਰਪੰਚ ਗੁਰਪ੍ਰੀਤ ਸਿੰਘ ਢੇਸੀ ਨੇ ਸਕੂਲ ਦੇ ਸ਼ਾਨਦਾਰ ਰਹੇ 10ਵੀਂ ਜਮਾਤ ਅਤੇ 12ਵੀਂ ਜਮਾਤ ਦੇ ਨਤੀਜਿਆਂ ਲਈ ਵਿਦਿਆਰਥੀਆਂ ਸਮੇਤ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ | ਸਰਪੰਚ ਗੁਰਪ੍ਰੀਤ ਸਿੰਘ ਢੇਸੀ, ਉੱਘੇ ਸਮਾਜ ਸੇਵੀ ਪੰਚਾਇਤ ਮੈਂਬਰ ਸੁਰਿੰਦਰ ਸਿੰਘ ਧਾਲੀਵਾਲ, ਸੁਖਵੀਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਗਿੱਲ, ਪੰਚ ਜਸਪਾਲ ਸਿੰਘ ਜੱਸਾ ਅਤੇ ਖੇਤੀਬਾੜੀ ਸਭਾ ਨੂਰਪੁਰ ਬੇਟ ਦੇ ਪ੍ਰਧਾਨ ਰਘਵੀਰ ਸਿੰਘ ਗਿੱਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਰਪੰਚ ਢੇਸੀ ਨੇ ਕਿਹਾ ਕਿ ਪਿ੍ੰ. ਰੋਮਿਲ ਮਹਿਤਾ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀ ਪੜ੍ਹਾਈ 'ਚ ਮੱਲਾਂ ਮਾਰ ਰਹੇ ਹਨ ਜੋ ਕਿ ਇਲਾਕੇ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਪਿ੍ੰਸੀਪਲ ਰੋਮਿਲ ਮਹਿਤਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਰਪੰਚ ਗੁਰਪ੍ਰੀਤ ਸਿੰਘ ਢੇਸੀ, ਪੰਚ ਸੁਰਿੰਦਰ ਸਿੰਘ ਧਾਲੀਵਾਲ, ਐੱਸ.ਐੱਮ.ਸੀ ਮੈਂਬਰਾਂ, ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਦਾ ਵਿਦਿਆਰਥੀਆਂ ਦੀ ਮੱਦਦ ਕਰਨ ਅਤੇ ਸਕੂਲ ਦੇ ਵਿਕਾਸ ਕਾਰਜਾਂ 'ਚ ਯੋਗਦਾਨ ਦੇਣ ਲਈ ਧੰਨਵਾਦ ਕੀਤਾ ਗਿਆ |