ਰਾਏਕੋਟ, 24 ਮਈ (ਸੁਸ਼ੀਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਦਾਨ ਵਿੱਚ ਆਪਣੀ ਪਕੜ ਮਜ਼ਬੂਤ ਕਰਦਿਆਂ ਵਾਰਡ ਨੰਬਰ-7 ਤੋਂ ਪਾਰਟੀ ਦੀ ਉਮੀਦਵਾਰ ਨੇਹਾ ਨਾਹਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਸੀਨੀਅਰ ਅਕਾਲੀ ਲੀਡਰਸ਼ਿਪ ਵਲੋਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਲੋਕਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਬਿਕਰਮਜੀਤ ਸਿੰਘ ਖ਼ਾਲਸਾ, ਜ਼ਿਲ੍ਹਾ ਜਥੇਦਾਰ ਚੰਦ ਸਿੰਘ ਡੱਲਾ, ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਨੌਜਵਾਨ ਆਗੂ ਪ੍ਰਭਜੋਤ ਸਿੰਘ ਧਾਲੀਵਾਲ ਨੇ ਉਮੀਦਵਾਰ ਨੇਹਾ ਨਾਹਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਆਮ ਲੋਕਾਂ ਦੀ ਭਲਾਈ ਲਈ ਚੱਟਾਨ ਵਾਂਗ ਖੜ੍ਹਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 7 ਤੋਂ ਪਾਰਟੀ ਉਮੀਦਵਾਰ ਨੇਹਾ ਨਾਹਰ ਇਕ ਪੜ੍ਹੇ-ਲਿਖੇ, ਮਿਹਨਤੀ ਅਤੇ ਸੂਝਵਾਨ ਉਮੀਦਵਾਰ ਹਨ, ਜੋ ਜਿੱਤ ਕੇ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣਗੇ | ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਅਕਾਲੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਣ | ਇਸ ਮੌਕੇ ਨੌਜਵਾਨ ਆਗੂ ਮਿੰਟੂ ਜੱਟਪੁਰਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਸਥਾਨਕ ਆਗੂ ਹਾਜ਼ਰ ਸਨ |