ਖੰਨਾ, 30 ਮਈ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ, ਭਗਤ ਪੂਰਨ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਿ੍ੰਸੀਪਲ ਅਲਪਨਾ ਮਹਾਜਨ ਦੀ ਅਗਵਾਈ ਵਿਚ ਭਗਤ ਪੂਰਨ ਸਿੰਘ ਦੇ ਜੀਵਨ ਅਤੇ ਫ਼ਿਲਾਸਫ਼ੀ ਤੇ ਇੰਟਰ ਹਾਊਸ ਭਾਸ਼ਣ ਅਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਸਕੂਲ ਪਿ੍ੰਸੀਪਲ ਅਲਪਨਾ ਮਹਾਜਨ ਵਲੋਂ ਵਿਦਿਆਰਥੀਆਂ ਨੂੰ ਭਗਤ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ ਅਤੇ ਉਨ੍ਹਾਂ ਦੁਆਰਾ ਦੱਸੇ ਉਪਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਦੁਆਰਾ ਧਰਤੀ ਬਚਾਓ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਪ੍ਰਣ ਲਿਆ ਗਿਆ | ਭਾਸ਼ਣ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਗੁਨੀਤ ਕੌਰ ਨੇ ਪਹਿਲਾ ਅਤੇ ਬਾਰ੍ਹਵੀਂ ਮੈਡੀਕਲ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਸਤਲੁਜ ਹਾਊਸ ਨੇ ਪਹਿਲਾ, ਬਿਆਸ ਹਾਊਸ ਨੇ ਦੂਜਾ ਅਤੇ ਰਾਵੀ ਤੇ ਚਨਾਬ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਿਹਤਮੰਦ ਵਾਤਾਵਰਨ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਾਉਣ ਦੀ ਲੋੜ ਹੈ ਤਾਂ ਜੋ ਖ਼ੁਦ ਲਈ ਅਤੇ ਆਉਣ ਵਾਲੀਆਂ ਪੀੜੀਆਂ ਲਈ ਸਿਹਤਮੰਦ ਵਾਤਾਵਰਨ ਦੀ ਸਿਰਜਣਾ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਤੋਂ ਇਲਾਵਾ ਉਨ੍ਹਾਂ ਭਗਤ ਜੀ ਦੇ ਜਨਮ ਦਿਵਸ ਤੇ ਬੱਚਿਆਂ ਅਤੇ ਸਟਾਫ਼ ਨੂੰ ਜ਼ਿਆਦਾ ਰੁੱਖ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਰੁੱਖ ਲਾਉਣ ਉਪਰੰਤ ਜ਼ਿੰਮੇਵਾਰੀ ਨਾਲ ਉਸ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ |