ਖੰਨਾ, 1 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਹੇਠ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਲੋਕਾਂ ਵਿੱਚ 4 ਔਰਤਾਂ ਤੇ 3 ਮਰਦ ਸ਼ਾਮਲ ਹਨ | ਇਸ ਤੋਂ ਇਲਾਵਾ ਮੌਕੇ 'ਤੇ ਗਾਹਕ ਬਣ ਕੇ ਆਏ ਦੋ ਵਿਅਕਤੀਆਂ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ | ਪਤਾ ਲੱਗਾ ਹੈ ਕਿ ਇੰਨਾਂ ਵਿਚੋਂ ਖੰਨਾ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਦੇ ਰਹਿਣ ਵਾਲੇ ਸ਼ਾਮਿਲ ਹਨ | ਡੀ. ਐਸ. ਪੀ. ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਰਾਹੀਂ ਸੂਚਨਾ ਮਿਲੀ ਸੀ ਕਿ ਇਲਾਕੇ ਵਿੱਚ ਕਥਿਤ ਤੌਰ 'ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ | ਸੂਚਨਾ ਦੇ ਆਧਾਰ 'ਤੇ ਪੁਲਿਸ ਵੱਲੋਂ ਯੋਜਨਾਬੱਧ ਢੰਗ ਨਾਲ ਛਾਪੇਮਾਰੀ ਕੀਤੀ ਗਈ | ਕਾਰਵਾਈ ਦੌਰਾਨ ਕਈ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਡੀ. ਐਸ. ਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਇਸ ਗਤੀਵਿਧੀ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਇਹ ਧੰਦਾ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ |