ਸਾਹਨੇਵਾਲ, 1 ਜੂਨ (ਹਨੀ ਚਾਠਲੀ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਾਮ 'ਤੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਮਾਸਟਰ ਕੇਡਰ ਸਮੇਤ ਵੱਖ-ਵੱਖ ਕੇਡਰ ਦੀਆਂ ਵੱਡੇ ਪੱਧਰ 'ਤੇ ਖਾਲੀ ਅਸਾਮੀਆਂ ਇਨ੍ਹਾਂ ਦਾਅਵਿਆਂ ਨੂੰ ਖੋਖਲਾ ਸਾਬਤ ਕਰ ਰਹੀ ਹੈ | ਇਨ੍ਹਾਂ ਪੋਸਟਾਂ ਖਾਲੀ ਹੋਣ ਕਾਰਨ ਸਕੂਲ ਸਿੱਖਿਆ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਵੱਖ-ਵੱਖ ਕੇਡਰ ਦੀਆਂ ਤਰੱਕੀਆਂ ਜਲਦ ਕੀਤੀਆਂ ਜਾਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਵਲੋਂ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪੈੱ੍ਰਸ ਸਕੱਤਰ ਮਨੋਜ ਕੁਮਾਰ ਨੇ ਸਾਂਝੇ ਤੌਰ 'ਤੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਮੰਗ ਕੀਤੀ ਹੈ ਕਿ ਪੰਜਾਬ ਸਿੱਖਿਆ ਵਿਭਾਗ ਮਾਸਟਰ ਕੇਡਰ ਸਮੇਤ ਬਾਕੀ ਕੇਡਰ ਦੀਆਂ ਤਰੱਕੀਆਂ ਜਲਦ ਕੀਤੇ ਜਾਣ ਸੰਬੰਧੀ ਕਾਰਜ ਜਲਦ ਉਲੀਕਿਆ ਜਾਵੇ | ਪਿਛਲੇ ਸਮੇਂ ਮਾਨਯੋਗ ਸੁਪਰੀਮ ਕੋਰਟ ਦੁਆਰਾ ਜਾਰੀ ਆਦੇਸ਼ ਵਿਚ ਤਰੱਕੀਆਂ ਲਈ ਟੀ. ਈ. ਟੀ. ਦੀ ਸ਼ਰਤ ਲਾਜ਼ਮੀ ਕੀਤੀ ਗਈ ਸੀ, ਜਿਸ ਕਾਰਨ ਵਿਭਾਗ ਵਿਚ ਵੱਖ ਵੱਖ ਕੇਡਰ ਦੀਆਂ ਤਰੱਕੀਆਂ ਦਾ ਮਾਮਲਾ ਲਟਕ ਗਿਆ ਸੀ | ਪਰੰਤੂ ਵਿਭਾਗ ਵਲੋਂ ਵਿਭਾਗੀ ਟੀ. ਈ. ਟੀ. ਪ੍ਰੀਖਿਆ ਲੈਣ ਉਪਰੰਤ ਵੱਡੇ ਪੱਧਰ 'ਤੇ ਅਧਿਆਪਕਾਂ ਦੁਆਰਾ ਇਹ ਪ੍ਰੀਖਿਆ ਪਾਸ ਕਰ ਲਈ ਗਈ ਹੈ ਇਸ ਤੋਂ ਬਾਅਦ ਤਰੱਕੀਆਂ ਦਾ ਰਾਹ ਪੱਧਰਾ ਹੋ ਗਿਆ ਹੈ | ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ, ਸਿਮਰਜੋਤ ਸਿੰਘ, ਗੁਰਬਖ਼ਸ਼ ਸਿੰਘ, ਸਰਬਜੀਤ ਸਿੰਘ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪ੍ਰਾਇਮਰੀ ਕੇਡਰ ਤੋਂ ਮਾਸਟਰ ਕੇਡਰ, ਨਾਨ ਟੀਚਿੰਗ ਤੋਂ ਮਾਸਟਰ ਕੇਡਰ, ਮਾਸਟਰ ਕੇਡਰ ਤੋਂ ਲੈਕਚਰਾਰ ਸਮੇਤ ਵੱਖ-ਵੱਖ ਕੇਡਰ ਦੇ ਅਧਿਆਪਕਾਂ ਦੀਆਂ ਤਰੱਕੀਆਂ ਜਲਦ ਕੀਤੀਆਂ ਜਾਣ ਤਾਂ ਜੋ ਸਕੂਲ ਸਿੱਖਿਆ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ |