ਖੰਨਾ, 5 ਜੂਨ (ਹਰਜਿੰਦਰ ਸਿੰਘ ਲਾਲ)-ਨਿਊ ਖੰਨਾ ਅਤੇ ਮੰਡੀ ਗੋਬਿੰਦਗੜ੍ਹ ਦਰਮਿਆਨ ਸਥਿਤ ਰੇਲਵੇ ਲਾਈਨ 'ਤੇ ਵਾਪਰੇ ਇੱਕ ਹਾਦਸੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ | ਜੀ. ਆਰ. ਪੀ. ਖੰਨਾ ਦੇ ਇੰਚਾਰਜ ਪੁਰਸ਼ੋਤਮ ਕੁਮਾਰ ਨੇ ਦੱਸਿਆ ਕਿ ਸਵੇਰੇ ਮੀਮੋ ਰਾਹੀਂ ਘਟਨਾ ਦੀ ਸੂਚਨਾ ਮਿਲੀ ਸੀ | ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਮੌਕੇ 'ਤੇ ਇੱਕ ਵਿਅਕਤੀ ਦੀ ਲਾਸ਼ ਰੇਲਵੇ ਟਰੈਕ ਦੇ ਕੋਲ ਕੱਟੀ ਹੋਈ ਹਾਲਤ ਵਿਚ ਮਿਲੀ | ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਵਿਅਕਤੀ ਰੇਲਵੇ ਲਾਈਨ ਪਾਰ ਕਰ ਰਿਹਾ ਸੀ, ਜਿਸ ਦੌਰਾਨ ਉਹ ਕਿਸੇ ਰੇਲ ਗੱਡੀ ਦੀ ਲਪੇਟ ਵਿਚ ਆ ਗਿਆ | ਇਹ ਹਾਦਸਾ ਨਵੀਂ ਆਬਾਦੀ ਨੇੜੇ ਡੀ. ਐੈੱਫ. ਸੀ. ਰੇਲਵੇ ਲਾਈਨ 'ਤੇ ਵਾਪਰਿਆ | ਪੁਲਿਸ ਵਲੋਂ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਿ੍ਤਕ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ | ਜੀ. ਆਰ. ਪੀ. ਇੰਚਾਰਜ ਪੁਰਸ਼ੋਤਮ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ | ਪਛਾਣ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਸੁਰੱਖਿਅਤ ਰੱਖਿਆ ਗਿਆ ਹੈ |