ਕੁਹਾੜਾ, 7 ਜੂਨ (ਸੰਦੀਪ ਸਿੰਘ ਕੁਹਾੜਾ)-ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ ਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਨੇ ਕਿਹਾ ਕਿ ਬੇਰੁਜ਼ਗਾਰ ਲਾਈਨਮੈਨਾਂ ਵਲੋਂ ਰੁਜ਼ਗਾਰ ਮੰਗਣ ਲਈ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ | ਪਰ ਪੁਲਿਸ ਪ੍ਰਸ਼ਾਸਨ ਨੇ ਧਰਨਾਕਾਰੀਆਂ ਉੱਪਰ ਅੰਨੇਵਾਹ ਤਸ਼ੱਦਦ ਕੀਤਾ, ਜਿਸ ਦੀ ਬੀ. ਐੈੱਡ. ਅਧਿਆਪਕ ਫ਼ਰੰਟ ਪੰਜਾਬ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੋਸ਼ਲ ਮੀਡੀਆ 'ਤੇ ਇਹ ਲਗਾਤਾਰ ਪ੍ਰਚਾਰਿਆ ਜਾਂਦਾ ਰਿਹਾ ਹੈ ਕਿ ਅਸੀਂ 65 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਹੈ, ਪਰ ਜ਼ਮੀਨੀ ਹਕੀਕਤ ਇਸ ਤੋਂ ਬਹੁਤ ਉਲਟ ਹੈ | ਉਨ੍ਹਾਂ ਕਿਹਾ ਕਿ ਆਪਣਾ ਹੱਕ ਮੰਗ ਰਹੇ ਬੇਰੁਜ਼ਗਾਰ ਲਾਈਨਮੈਨਾਂ ਉੱਤੇ ਪੁਲਿਸ ਵਲੋਂ ਅੰਨੇਵਾਹ ਅਣਮਨੁੱਖੀ ਤਸ਼ੱਦਦ ਕਰਨ ਨਾਲ ਪੰਜਾਬ ਸਰਕਾਰ ਦਾ ਮੁਲਾਜ਼ਮ ਵਿਰੋਧੀ ਅਸਲੀ ਚਿਹਰਾ ਬੇਨਕਾਬ ਹੋਇਆ ਹੈ | ਬੀ. ਐੱਡ. ਅਧਿਆਪਕ ਫ਼ਰੰਟ ਲੁਧਿਆਣਾ ਦੇ ਜਨਰਲ ਸਕੱਤਰ ਮੋਹਨਜੀਤ ਸਿੰਘ ਤੇ ਪੈੱ੍ਰਸ ਸਕੱਤਰ ਜਗਜੀਤ ਸਿੰਘ ਝਾਂਡੇ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਬੇਰੁਜ਼ਗਾਰਾਂ ਅਤੇ ਮੁਲਾਜ਼ਮ ਵਿਰੁੱਧ ਦਮਨਕਾਰੀ ਨੀਤੀਆਂ ਅਪਣਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੇ ਰੋਹ ਦੇ ਰੂਪ ਵਿਚ ਜ਼ਰੂਰ ਝੱਲਣਾ ਪਵੇਗਾ | ਜ਼ਿਲ੍ਹਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਜਿਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਨੇ ਪੱਕਾ ਕਰਨ ਦਾ ਦਾਅਵਾ ਕੀਤਾ ਸੀ | ਉਨ੍ਹਾਂ ਨੂੰ ਅਜੇ ਤੱਕ ਵੀ ਸਰਕਾਰੀ ਮੁਲਾਜ਼ਮਾਂ ਵਾਲੀ ਤਨਖ਼ਾਹ ਤੇ ਸਹੂਲਤਾਂ ਨਹੀਂ ਮਿਲੀਆਂ ਤੇ ਅਜੇ ਵੀ ਬਹੁਤ ਸਾਰੇ ਅਧਿਆਪਕ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਪੰਜਾਬ ਦੇ ਸਾਰੇ ਮੁਲਾਜ਼ਮ ਨਿਰਾਸ਼ਾ ਦੇ ਆਲਮ ਵਿਚ ਹਨ |