12 ਜੂਨ ਤੱਕ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਭਰ 'ਚ ਵੱਡੇ ਸੰਘਰਸ਼ ਦਾ ਐਲਾਨ
ਅਜੀਤ ਡੈਸਕ
08-06-2026
ਲੁਧਿਆਣਾ, 7 ਜੂਨ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਮੁਲਾਜ਼ਮ ਮੰਗਾਂ ਪ੍ਰਤੀ ਰਵੱਈਏ 'ਤੇ ਤਿੱਖੀ ਨਾਰਾਜ਼ਗੀ ਜ਼ਾਹਿਰ ਕੀਤੀ ਗਈ | ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕ ਸਕੀ, ਜਿਸ ਕਾਰਨ ਮੁਲਾਜ਼ਮ ਵਰਗ ਦਾ ਸਰਕਾਰ ਤੋਂ ਵਿਸ਼ਵਾਸ ਉਠਦਾ ਜਾ ਰਿਹਾ ਹੈ | ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਸੇਮ ਭੱਠਲ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਸਰਕਾਰ ਨੰੂ 12 ਜੂਨ ਤੱਕ ਮੰਗਾਂ ਲਾਗੂ ਕਰਨ ਦਾ ਸਮਾਂ ਦਿੱਤਾ ਜਾਵੇ | ਜੇਕਰ ਇਸ ਮਿਆਦ ਦੌਰਾਨ ਕੋਈ ਠੋਸ ਕਾਰਵਾਈ ਨਾ ਹੋਈ ਤਾਂ 13 ਜੂਨ ਨੰੂ ਪੰਜਾਬ ਪੱਧਰ 'ਤੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਆਗੂਆਂ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਮੀਟਿੰਗਾਂ ਕਰਕੇ ਸਮਾਂ ਲੰਘਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਜਦਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਜੇ ਵੀ ਲਟਕੀਆਂ ਹੋਈਆਂ ਹਨ |
ਆਗੂਆਂ ਨੇ ਪੰਜਾਬ ਭਰ ਦੀਆਂ ਮੁਲਾਜ਼ਮਾਂ ਅਤੇ ਪੈਨਸ਼ਨਰ ਜੱਥਬੰੰਦੀਆਂ ਨੰੂ ਇਕੱਠੇ ਹੋ ਕੇ ਮਹਾ ਬੰਦ ਵਰਗੇ ਸਾਂਝੇ ਸੰਘਰਸ਼ ਦੀ ਤਿਆਰੀ ਕਰਨ ਦਾ ਵੀ ਐਲਾਨ ਕੀਤਾ | ਆਗੂਆਂ ਨੇ ਪਟਿਆਲਾ ਵਿਚ ਸਹਾਇਕ ਲਾਈਨਮੈਨਾਂ ਅਤੇ ਸੁਨਾਮ ਵਿਖੇ ਸੇਵਾ ਕੇਂਦਰ ਮੁਲਾਜ਼ਮਾਂ 'ਤੇ ਹੋਏ ਪੁਲਿਸ ਲਾਠੀਚਾਰਜ ਦੀ ਨਿੰਦਾ ਕਰਦਿਆਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਰਘਵੀਰ ਸਿੰਘ, ਅਨਿਰੁੱਧ, ਤੇਜਿੰਦਰ ਸਿੰਘ, ਵਿਨੋਦ ਸਾਗਰ, ਗੁਰਸੇਵਕ ਸਿੰਘ ਆਦਿ ਮੌਜੂਦ ਸਨ |