ਸਾਹਨੇਵਾਲ, 8 ਜੂਨ (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਪਿਛਲੇ ਦਿਨੀਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਬੋਰਡ ਅਧੀਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅੱਠਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਬੋਰਡ ਦੀ ਰਜਿਸਟਰੇਸ਼ਨ ਅਤੇ ਕੰਟੀਨਿਊਸ਼ਨ ਲਈ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ, ਜਿਸ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਵਲੋਂ ਕੀਤਾ ਗਿਆ | ਇਸ ਬਾਰੇ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਪੈੱ੍ਰਸ ਸਕੱਤਰ ਮਨੋਜ ਕੁਮਾਰ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿੱਥੇ ਇੱਕ ਪਾਸੇ ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਸੁਵਿਧਾ ਸੈਂਟਰਾਂ ਦੇ ਵਿਚ ਕੰਮ ਕਾਜ ਲਗਪਗ ਠੱਪ ਨਜ਼ਰ ਆ ਰਿਹਾ ਹੈ, ਉੱਥੇ ਹੀ ਵਿਭਾਗ ਵਲੋਂ ਸਿੱਖਿਆ ਵਿਭਾਗ ਵਲੋਂ ਅੱਠਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਰਜਿਸਟਰੇਸ਼ਨ ਅਤੇ ਕੰਟੀਨਿਊਸ਼ਨ ਲਈ ਡਿਜੀਟਲ ਜਨਰਲ ਸਰਟੀਫਿਕੇਟ ਲਾਜ਼ਮੀ ਕਰ ਦਿੱਤਾ ਗਿਆ, ਜਿਸ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ | ਪੰਜਾਬ ਬੋਰਡ ਵਲੋਂ ਜਾਰੀ ਰਜਿਸਟਰੇਸ਼ਨ ਦੀ ਆਖ਼ਰੀ ਮਿਤੀ 10 ਜੁਲਾਈ ਹੋਣ ਦੇ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਜਾਪ ਰਿਹਾ ਹੈ | ਇਸ ਮੌਕੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਖੰਨਾ, ਪ੍ਰਭਜੋਤ ਸਿੰਘ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ, ਨਵੀਨ ਕਪਿਲਾ, ਸਿਮਰਜੋਤ ਸਿੰਘ , ਗੁਰਬਖ਼ਸ਼ ਸਿੰਘ, ਜ਼ਿਲ੍ਹਾ ਮਹਿਲਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਮਨਜੀਤ ਕੌਰ, ਜਸਵੀਰ ਕੌਰ, ਸੁਸ਼ਮਾ ਸ਼ਰਮਾ, ਸੁਪਰਜੀਤ ਕੌਰ ਨੇ ਮੰਗ ਕੀਤੀ ਹੈ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਡਿਜੀਟਲ ਸਰਟੀਫਿਕੇਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਨਵੇਂ ਸੈਸ਼ਨ ਤੋਂ ਇਸ ਸਰਟੀਫਿਕੇਟ ਨੂੰ ਬਣਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਵਿਦਿਆਰਥੀਆਂ ਤੇ ਮਾਪਿਆਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |