ਖੰਨਾ, 13 ਜੂਨ (ਹਰਜਿੰਦਰ ਸਿੰਘ ਲਾਲ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਯੂਥ ਸਪੋਰਟਸ ਕਲੱਬ ਭੱਟੀਆਂ ਵੱਲੋਂ 20 ਅਤੇ 21 ਜੂਨ ਨੂੰ ਪਿੰਡ ਭੱਟੀਆਂ ਵਿਖੇ ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਦੀ ਇੱਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਡੀਐਸਪੀ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਭਵਿੱਖ ਵਿਚ ਹੋਰ ਖੇਡ ਮੁਕਾਬਲੇ ਕਰਵਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਪ੍ਰਧਾਨ ਡੀਐਸਪੀ ਦਲਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਵਰਗ ਵੱਖ-ਵੱਖ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਦੀ ਲਪੇਟ ਵਿਚ ਆ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿਚ ਇਲਾਕੇ ਦੀਆਂ ਕਈ ਟੀਮਾਂ ਹਿੱਸਾ ਲੈਣਗੀਆਂ ਅਤੇ ਜੇਤੂ ਟੀਮਾਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਮੀਟਿੰਗ ਦੌਰਾਨ ਕਲੱਬ ਦੀ ਕਮੇਟੀ ਦਾ ਪੁਨਰਗਠਨ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਦਲਜੀਤ ਸਿੰਘ ਨੂੰ ਜਨਰਲ ਸਕੱਤਰ, ਸੁਖਵੀਰ ਸਿੰਘ ਨੂੰ ਵਿੱਤ ਸਕੱਤਰ ਅਤੇ ਲਖਵੀਰ ਸਿੰਘ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ | ਨਵੇਂ ਚੁਣੇ ਅਹੁਦੇਦਾਰਾਂ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਅਹੁਦਿਆਂ ਦੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਰਹਿਣਗੇ | ਮੀਟਿੰਗ ਵਿਚ ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਹਰਿੰਦਰ ਸਿੰਘ, ਬਚਿੱਤਰ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਮਨਜਿੰਦਰ ਸਿੰਘ, ਹਰਜੀਤ ਸਿੰਘ, ਕੁਲਵੀਰ ਸਿੰਘ, ਸੁਖਦੇਵ ਸਿੰਘ, ਖੁਸ਼ਵੰਤ ਸਿੰਘ, ਜਸਪ੍ਰੀਤ ਸਿੰਘ, ਪ੍ਰੀਤਮ ਸਿੰਘ, ਅਮਰਿੰਦਰ ਸਿੰਘ, ਜਗਜੀਤ ਸਿੰਘ, ਹਰਜੋਤ ਸਿੰਘ, ਸਿਕੰਦਰ ਰਾਜ, ਯਾਦਵਿੰਦਰ ਸਿੰਘ ਅਤੇ ਯੁਗਰਾਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਲੱਬ ਮੈਂਬਰ ਹਾਜ਼ਰ ਸਨ |