ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਰੇਲਵੇ ਸਟੇਸ਼ਨ ਨੇੜੇ ਪਏ ਬੇਆਬਾਦ ਖੰਡਰਾਂ ਅਤੇ ਖਾਲੀ ਇਮਾਰਤਾਂ ’ਤੇ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ। ਇਹ ਥਾਵਾਂ ਨਸ਼ੇੜੀਆਂ ਦੇ ਅੱਡੇ ਬਣਨ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਚਿੰਨ੍ਹਤ ਕੀਤੀਆਂ ਗਈਆਂ ਸਨ। ਨਸ਼ਾ ਮੁਕਤੀ ਮੁਹਿੰਮ ਤਹਿਤ ਬੇਆਬਾਦ ਇਮਾਰਤਾਂ ਅਤੇ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਢਾਹੁਣ ਅਤੇ ਸਾਫ਼ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖੰਨਾ ਵਿੱਚ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ ਡਾ. ਦਰਪਨ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੇਆਬਾਦ ਇਮਾਰਤਾਂ, ਖੰਡਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਾਫ਼ ਕੀਤਾ ਜਾ ਰਿਹਾ ਹੈ, ਜਿੱਥੇ ਨਸ਼ੇੜੀਆਂ ਦੇ ਇਕੱਠੇ ਹੋਣ ਦੀਆਂ ਸ਼ਿਕਾਇਤਾਂ ਮਿਲਦੀਆਂ ਸਨ। ਡੀ. ਐੱਸ. ਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਨੇੜੇ ਅਤੇ ਹੋਰ ਇਲਾਕਿਆਂ ਵਿੱਚ ਪਈਆਂ ਖਾਲੀ ਇਮਾਰਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੁਹਿੰਮ ਵਿੱਚ ਪੁਲਿਸ, ਸਿਵਲ ਪ੍ਰਸ਼ਾਸਨ, ਨਗਰ ਕੌਂਸਲ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਜਦਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਹਲਕਾ ਖੰਨਾ ਦੇ ਕੋਆਰਡੀਨੇਟਰ ਅਮਰਿੰਦਰ ਸਿੰਘ ਚਹਿਲ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਅਜਿਹੀਆਂ ਥਾਵਾਂ ਨੂੰ ਚਿੰਨ੍ਹਤ ਕੀਤਾ ਜਾ ਰਿਹਾ ਹੈ ਜਿੱਥੇ ਨਸ਼ੇੜੀ ਇਕੱਠੇ ਹੁੰਦੇ ਸਨ। ਮੁਹਿੰਮ ਤਹਿਤ ਇਨ੍ਹਾਂ ਥਾਵਾਂ ਦੀ ਸਫ਼ਾਈ ਅਤੇ ਢਾਹੁਣ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਨੂੰ ਲੋਕਾਂ ਲਈ ਸੁਰੱਖਿਅਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਕੋਆਰਡੀਨੇਟਰ ਲੁਧਿਆਣਾ ਰੂਰਲ-2 ਜਸਪ੍ਰੀਤ ਸਿੰਘ ਮਾਂਗਟ ਨੇ ਕਿਹਾ ਕਿ ਨਸ਼ਾ ਪੰਜਾਬ ਦੀ ਨੌਜਵਾਨੀ ਲਈ ਵੱਡੀ ਚੁਣੌਤੀ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਸਰਕਾਰ, ਪੁਲਿਸ ਅਤੇ ਸਮਾਜ ਦੇ ਸਾਂਝੇ ਯਤਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਖੰਨਾ ਵਿੱਚ ਨਸ਼ੇੜੀਆਂ ਦੇ ਅੱਡੇ ਬਣੀਆਂ ਥਾਵਾਂ ਨੂੰ ਚਿੰਨ੍ਹਤ ਕਰਕੇ ਸਾਫ਼ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ।