ਰਾਏਕੋਟ, 25 ਜੂਨ (ਬਲਵਿੰਦਰ ਸਿੰਘ ਲਿੱਤਰ)-ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਨਾਲ ਸਬੰਧਿਤ ਮਹਾਂਰਾਸ਼ਟਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਨਵੇਂ ਐਕਟ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਸਬੰਧੀ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਸਿੱਖ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਇਸ ਦੇ ਪ੍ਰਬੰਧ ਨਾਲ ਸਬੰਧਿਤ ਮਾਮਲਿਆਂ ਵਿੱਚ ਪੰਥ ਦੀ ਰਾਇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਜਥੇਦਾਰ ਤਲਵੰਡੀ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਸਤਾਵਿਤ ਸੋਧਾਂ ਬਾਰੇ ਸਿੱਖ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਸਹਿਮਤੀ ਦੇ ਆਧਾਰ ’ਤੇ ਫ਼ੈਸਲਾ ਲਿਆ ਜਾਵੇ।