ਮਾਛੀਵਾੜਾ ਸਾਹਿਬ, 6 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੁਗਰਾਜ ਸਿੰਘ ਮੰਡ ਨੇ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਵਿਚ ਕੀਤੀਆਂ ਸੋਧਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੀਤੀ ਨੂੰ ਮੁੱਢ ਤੋਂ ਹੀ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀਯੋਗ ਜ਼ਮੀਨ ਦੇ ਘਟਦੇ ਰਕਬੇ, ਧਰਤੀ ਹੇਠਲੇ ਪਾਣੀ ਦੇ ਸੰਕਟ ਅਤੇ ਕਿਸਾਨੀ ਦੀਆਂ ਵਧ ਰਹੀਆਂ ਮੁਸ਼ਕਲਾਂ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਵਿਚ ਉਪਜਾਊ ਖੇਤੀਬਾੜੀ ਜ਼ਮੀਨ ਨੂੰ ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਲਈ ਵਰਤਣਾ ਪੰਜਾਬ ਦੇ ਭਵਿੱਖ ਨਾਲ ਖਿਲਵਾੜ ਹੈ। ਲੱਖੋਵਾਲ ਨੇ ਕਿਹਾ ਕਿ ਇਹ ਜ਼ਮੀਨ ਕਿਸਾਨਾਂ ਦੀ ਰੋਜ਼ੀ-ਰੋਟੀ, ਪੰਜਾਬ ਦੀ ਆਰਥਿਕਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸੁਰੱਖਿਆ ਦਾ ਆਧਾਰ ਹੈ। ਇਸ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਲੈਂਡ ਪੂਲਿੰਗ ਨੀਤੀ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਲੋਕ ਆਪਣੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ‘ਤੇ ਡਟ ਕੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਤੁਰੰਤ ਵਾਪਸ ਨਾ ਲਈ ਤਾਂ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਕਿਸਾਨਾਂ ਨੂੰ ਨਾਲ ਲੈ ਕੇ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਆਵਾਜ਼ ਨੂੰ ਸੁਣਦਿਆਂ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਖੇਤੀਯੋਗ ਜ਼ਮੀਨ ਦੀ ਸੁਰੱਖਿਆ ਲਈ ਠੋਸ ਨੀਤੀ ਬਣਾਈ ਜਾਵੇ।