ਮਾਛੀਵਾੜਾ ਸਾਹਿਬ, 6 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਨੂੰ ਜਾਣ ਵਾਲੀ ਸੜਕ ‘ਤੇ ਇੰਟਰਲਾਕ ਲਗਾਉਣ ਦਾ ਕੰਮ ਕਛੂਆ ਚਾਲ ਚੱਲਣ ਕਾਰਨ ਸੰਗਤਾਂ ਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦੁਆਰਾ ਚਰਨ ਕੰਵਲ ਸਾਹਿਬ ਰੋਡ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਇਸ ਸੜਕ ਦਾ ਨਿਰਮਾਣ 2 ਤੋਂ 3 ਮਹੀਨੇ ਵਿਚ ਮੁਕੰਮਲ ਹੋਣਾ ਸੀ ਪਰ ਠੇਕੇਦਾਰ ਵਲੋਂ ਕਛੂਆ ਚਾਲ ਨਾਲ ਕੰਮ ਕਰਦਿਆਂ 4 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੜਕ ਦਾ ਨਿਰਮਾਣ ਮੁਕੰਮਲ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਸ ਦੀ ਪੁਟਾਈ ਕਾਰਨ ਮਿੱਟੀ ਹਵਾ ਨਾਲ ਉਨ੍ਹਾਂ ਦੀਆਂ ਦੁਕਾਨਾਂ ਅੰਦਰ ਆ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਦਾ ਸਮਾਨ ਵੀ ਖ਼ਰਾਬ ਹੁੰਦਾ ਹੈ, ਦੁਕਾਨਦਾਰੀ ‘ਤੇ ਵੀ ਅਸਰ ਪੈ ਰਿਹਾ ਹੈ , ਗ੍ਰਾਹਕ ਵਾਹਨ ਖੜ੍ਹਾਉਣ ਲਈ ਜਗ੍ਹਾ ਨਾ ਹੋਣ ਕਾਰਨ ਅੱਗੇ ਚਲਾ ਜਾਂਦਾ ਹੈ ਅਤੇ ਉਨ੍ਹਾਂ ਦਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਸਵੇਰੇ ਸ਼ਾਮ ਗੁਰਦੁਆਰਾ ਸਾਹਿਬ ਦਰਸ਼ਨਾਂ ਲਈ ਆਉਂਦੀਆਂ ਸੰਗਤਾਂ ਨੂੰ ਸੜਕ ਦਾ ਨਿਰਮਾਣ ਮੁਕੰਮਲ ਨਾ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਦੀਆਂ ਸੰਗਤਾਂ ਅਤੇ ਦੁਕਾਨਦਾਰਾਂ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਦੂਜੇ ਪਾਸੇ ਜਦੋਂ ਲੋਕ ਨਿਰਮਾਣ ਵਿਭਾਗ ਦੇ ਜੂਨੀਅਰ ਇੰਜੀਨੀਅਰ ਦਵਿੰਦਰ ਸਿੰਘ ਨੇ ਕਿਹਾ ਕਿ ਇੰਟਰਲਾਕ ਟਾਈਲਾਂ ਘੱਟ ਬਣਨ ਕਾਰਨ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਵਿਚ ਦੇਰੀ ਹੋ ਰਹੀ ਹੈ। ਜਦੋਂ ਉਨ੍ਹਾਂ ਨੂੰ ਸੜਕ ਦੀ ਪਹਿਲਾਂ ਪੁਟਾਈ ਕਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਗੱਲ ਦਾ ਅੱਗੇ ਤੋਂ ਧਿਆਨ ਰੱਖਿਆ ਜਾਵੇਗਾ ਕਿ ਲੋਕਾਂ ਨੂੰ ਪ੍ਰੇਸ਼ਾਨੀ ਨਾ ਆਵੇ।