ਭੂੰਦੜੀ, 15 ਜੁਲਾਈ (ਕੁਲਦੀਪ ਸਿੰਘ ਮਾਨ)– ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੇ ਪੰਜਾਬ ਸਰਕਾਰ ਦੀ ਵਿੱਤੀ ਨੀਤੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬੇ ਨੂੰ ਲਗਾਤਾਰ ਕਰਜ਼ੇ ਦੀ ਦਲਦਲ ਵਿਚ ਧੱਕਿਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਕਰਜ਼ਾ-ਮੁਕਤ ਅਤੇ ਖੁਸ਼ਹਾਲ ਬਣਾਉਣ ਦੇ ਵੱਡੇ ਵਾਅਦੇ ਕੀਤੇ ਸਨ, ਅੱਜ ਉਸੇ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦਾ ਕਰਜ਼ਾ ਹਰ ਸਾਲ ਨਵੇਂ ਰਿਕਾਰਡ ਬਣਾ ਰਿਹਾ ਹੈ। ਸ. ਆਲੀਵਾਲ ਨੇ ਕਿਹਾ ਕਿ ਸਰਕਾਰੀ ਅੰਕੜੇ ਹੀ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬ ਦੇ ਸਿਰ ਕਰਜ਼ੇ ਦਾ ਬੋਝ ਲਗਾਤਾਰ ਵੱਧਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਕਾਸ ਕਾਰਜਾਂ ਨੂੰ ਗਤੀ ਦੇਣ, ਉਦਯੋਗਾਂ ਵਿਚ ਨਿਵੇਸ਼ ਵਧਾਉਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਬਜਾਏ ਸਰਕਾਰ ਕਰਜ਼ਾ ਲੈ ਕੇ ਇਸ਼ਤਿਹਾਰਬਾਜ਼ੀ ਅਤੇ ਲੋਕ-ਲੁਭਾਉਣੀਆਂ ਘੋਸ਼ਣਾਵਾਂ ਤੱਕ ਹੀ ਸੀਮਿਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪਾਰਦਰਸ਼ੀ ਵਿੱਤੀ ਪ੍ਰਬੰਧਨ, ਉਦਯੋਗਾਂ ਨੂੰ ਪ੍ਰੋਤਸਾਹਨ, ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰਮੁਖੀ ਨੀਤੀਆਂ ਬਣਾਉਣ ਦੀ ਸਖ਼ਤ ਲੋੜ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਰਜ਼ੇ ਦੀ ਇਹ ਰਫ਼ਤਾਰ ਨਾ ਰੋਕੀ ਗਈ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ। ਸਾਬਕਾ ਸੰਸਦ ਮੈਂਬਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੀ ਆਰਥਿਕ ਸਥਿਤੀ ਸੁਧਾਰਨ ਲਈ ਤੁਰੰਤ ਠੋਸ ਅਤੇ ਜ਼ਿੰਮੇਵਾਰ ਕਦਮ ਚੁੱਕੇ ਜਾਣ, ਬੇਲੋੜੇ ਖਰਚਿਆਂ ’ਤੇ ਰੋਕ ਲਗਾਈ ਜਾਵੇ ਅਤੇ ਵਿਕਾਸਮੁਖੀ ਯੋਜਨਾਵਾਂ ਨੂੰ ਪਹਿਲ ਦਿੱਤੀ ਜਾਵੇ ਤਾਂ ਜੋ ਪੰਜਾਬ ਨੂੰ ਵੱਧਦੇ ਕਰਜ਼ੇ ਦੇ ਬੋਝ ਤੋਂ ਬਚਾਇਆ ਜਾ ਸਕੇ।