ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਘਰ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮਨਰੇਗਾ ਮੁਲਾਜ਼ਮਾਂ ‘ਤੇ ਹੋਏ ਲਾਠੀਚਾਰਜ ਅਤੇ ਤਸ਼ੱਦਦ ਦੀ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਅੱਜ ਦੋਵਾਂ ਸੀਨੀਅਰ ਆਗੂਆਂ ਨੇ ਸਿਵਲ ਹਸਪਤਾਲ ਪਹੁੰਚ ਕੇ ਪੁਲਿਸ ਕਾਰਵਾਈ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਮਨਰੇਗਾ ਮੁਲਾਜ਼ਮ ਦਾ ਹਾਲ-ਚਾਲ ਪੁੱਛਿਆ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਡਾ. ਅਮਰ ਸਿੰਘ ਨੇ ਡਾਕਟਰਾਂ ਨੂੰ ਜ਼ਖ਼ਮੀ ਮੁਲਾਜ਼ਮ ਦੇ ਉਚਿਤ ਇਲਾਜ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ। ਹਸਪਤਾਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰ ਸਿੰਘ ਅਤੇ ਗੁਰਕੀਰਤ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਆਪਣੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰ ਰਹੇ ਗਰੀਬ ਮਨਰੇਗਾ ਮਜ਼ਦੂਰਾਂ ਅਤੇ ਮੁਲਾਜ਼ਮਾਂ ‘ਤੇ ਲਾਠੀਆਂ ਵਰਾਉਣੀਆਂ ਅਤਿ ਨਿੰਦਣਯੋਗ ਅਤੇ ਗੈਰ-ਕਾਨੂੰਨੀ ਹੈ। ਲੋਕਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਹੁਣ ਮੁਲਾਜ਼ਮਾਂ ਨੂੰ ਹੱਕ ਦੇਣ ਦੀ ਬਜਾਏ ਉਨ੍ਹਾਂ ਨੂੰ ਨੌਕਰੀਆਂ ਤੋਂ ਹੀ ਬਰਖ਼ਾਸਤ ਕਰ ਰਹੀ ਹੈ, ਜੋ ਕਿ ਸਰਾਸਰ ਬੇਇਨਸਾਫ਼ੀ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਦੇ ਹੱਕਾਂ ‘ਤੇ ਕਿਸੇ ਵੀ ਕੀਮਤ ‘ਤੇ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਸਰਕਾਰ ਵਲੋਂ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਕਾਂਗਰਸ ਪਾਰਟੀ ਇਸ ਧੱਕੇਸ਼ਾਹੀ ਖ਼ਿਲਾਫ਼ ਮਨਰੇਗਾ ਮੁਲਾਜ਼ਮਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਸੜਕ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ।
ਮਨਰੇਗਾ ਮੁਲਾਜ਼ਮਾਂ ’ਤੇ ਲਾਠੀਚਾਰਜ ਨਿੰਦਣਯੋਗ, ਹੱਕ ਮੰਗਦੇ ਮੁਲਾਜ਼ਮਾਂ ਨੂੰ ਨੌਕਰੀਆਂ ਤੋਂ ਕੱਢਣਾ ਧੱਕੇਸ਼ਾਹੀ-ਡਾ.ਅਮਰ ਸਿੰਘ,ਗੁਰਕੀਰਤ ਸਿੰਘ
ਅਜੀਤ ਡੈਸਕ
19-07-2026