ਬੀਜਾ, 23 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਕਸਬਾ ਬੀਜਾ ਵਿਖੇ ਪੰਜਾਬ ਲਾਰਜ ਇੰਡਸਟਰੀ ਦੇ ਵਾਇਸ ਚੇਅਰਮੈਨ ਹਰਜੀਤ ਸਿੰਘ ਮਾਂਗਟ, ਜ਼ਿਲ੍ਹਾ ਲੁਧਿਆਣਾ ਐੱਸ. ਸੀ. ਵਿੰਗ ਦੇ ਪ੍ਰਧਾਨ ਡਾਕਟਰ ਜਸਪ੍ਰੀਤ ਸਿੰਘ ਬੀਜਾ ਸਰਗਰਮ ਆਗੂ ਹਲਕਾ ਪਾਇਲ, ਸਵਰਨ ਸਿੰਘ ਛਿੱਬਰ, ਯੂਥ ਵਿੰਗ ਦੇ ਹਲਕਾ ਕੋਆਰਡੀਨੇਟਰ ਅਮਰਿੰਦਰ ਦਿਓਲ, ਬੀਜਾ ਦੇ ਸਰਪੰਚ ਬੀਬੀ ਜਸਬੀਰ ਕੌਰ ਪਤਨੀ ਅਵਤਾਰ ਸਿੰਘ ਰਿੰਕੂ ਨੇ ਸਾਂਝੇ ਤੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਜਾ ਵਿਖੇ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੂੰ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਪ ਚੇਅਰਮੈਨ ਹਰਜੀਤ ਸਿੰਘ ਮਾਂਗਟ ਤੇ ਜ਼ਿਲ੍ਹਾ ਪ੍ਰਧਾਨ ਡਾਕਟਰ ਜਸਪ੍ਰੀਤ ਸਿੰਘ ਬੀਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਸੁਧਾਰ ਕਰ ਰਹੀ ਹੈ। ਜਿਸ ਕਰਕੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣ ਦਾ ਮਕਸਦ ਉਨ੍ਹਾਂ ਦਾ ਹੌਸਲਾ ਵਧਾਉਣਾ ਤੇ ਪੜ੍ਹਾਈ ਪ੍ਰਤੀ ਹੋਰ ਉਤਸ਼ਾਹਿਤ ਕਰਨਾ ਹੈ। ਪੰਜਾਬ ਸਰਕਾਰ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹੀ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਆਪਣੀ ਸਿੱਖਿਆ ਜਾਰੀ ਰੱਖ ਸਕਣ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇ ਸਮੂਹ ਸਟਾਫ਼ ਨੇ ਵਿਧਾਇਕ ਜਸਵੀਰ ਰਾਜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਰਹੀ ਹੈ ਤੇ ਵਿਦਿਆਰਥੀਆਂ ਵਿਚ ਪੜ੍ਹਾਈ ਪ੍ਰਤੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਨਗਰ ਨਿਵਾਸੀ ਹਾਜ਼ਰ ਸਨ।