ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ, ਖੰਨਾ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਿਤ ਕਵਿਤਾ-ਉਚਾਰਨ ਮੁਕਾਬਲਾ ਕਰਵਾਇਆ ਗਿਆ। ਸਮਾਗਮ ਦੇ ਆਰੰਭ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਪ੍ਰੀਤ ਕੌਰ ਬੈਨੀਪਾਲ ਨੇ ਕਾਲਜ ਪ੍ਰਿੰਸੀਪਲ ਡਾ. ਕੇ. ਕੇ ਸ਼ਰਮਾ ਨੂੰ ਜੀ ਆਇਆਂ ਕਿਹਾ । ਇਸ ਮੌਕੇ ਸ਼ਿਵ ਕੁਮਾਰ ਬਟਾਲਵੀ ਦੇ ਜੀਵਨ, ਸ਼ਖ਼ਸੀਅਤ ਅਤੇ ਸਾਹਿਤਕ ਰਚਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ । ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਕੇ. ਕੇ. ਸ਼ਰਮਾ ਅਤੇ ਉਨ੍ਹਾਂ ਦੇ ਨਾਲ ਉਚੇਚੇ ਤੌਰ ਤੇ ਪਹੁੰਚੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਦਿਨੇਸ਼ ਕੁਮਾਰ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸ਼ਿਵ ਕੁਮਾਰ ਦੀਆਂ ਰਚਨਾਵਾਂ ਪੇਸ਼ ਕਰਦਿਆਂ ਅਨੂਠਾ ਰੰਗ ਬੰਨ੍ਹ ਦਿੱਤਾ। ਇਸ ਮੁਕਾਬਲੇ ਵਿਚ ਆਰਟਸ ਦੇ ਬੀ. ਐੱਸ. ਸੀ. ਅਤੇ ਬੀ. ਕਾਮ. ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦਾ ਨਿਰਣਾ ਕਰਨ ਲਈ ਡਾ.ਮਨਦੀਪ ਕੌਰ ਅਤੇ ਪ੍ਰੋ.ਰਮਨਦੀਪ ਕੌਰ ਨੇ ਜੱਜ ਦੀ ਡਿਊਟੀ ਨਿਭਾਈ। ਮੁਕਾਬਲੇ ਵਿੱਚ ਪਹਿਲਾ ਸਥਾਨ ਪਰਮਵੀਰ ਸਿੰਘ ਬੀ.ਕਾਮ ਭਾਗ ਤੀਜਾ, ਦੂਜਾ ਸਥਾਨ ਗੁਰਨੂਰ ਸਿੰਘ ਬੀ. ਕਾਮ ਪਹਿਲਾ ਅਤੇ ਜਸਲੀਨ ਕੌਰ ਬੀ. ਏ .ਭਾਗ ਤੀਜਾ ਅਤੇ ਤੀਜਾ ਸਥਾਨ ਅੰਸ਼ਿਕਾ ਬੀ. ਐੱਸ.ਸੀ ਭਾਗ ਦੂਜਾ ਅਤੇ ਤਰਨਪ੍ਰੀਤ ਕੌਰ ਬੀ. ਏ. ਭਾਗ ਦੂਜਾ ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਉੱਘੇ ਸਾਹਿਤਕਾਰਾਂ ਦੀਆਂ ਕਿਤਾਬਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਪੰਜਾਬੀ ਸਾਹਿਤ ਨਾਲ ਹੋਰ ਵੱਧ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਖੁਦ ਪੰਜਾਬੀ ਦੇ ਮਸ਼ਹੂਰ ਸ਼ਾਇਰਾਂ ਦੀਆਂ ਰਚਨਾਵਾਂ ਬੋਲ ਕੇ ਰੰਗ ਬੰਨ੍ਹ ਦਿੱਤਾ। ਸਮਾਗਮ ਦਾ ਮੰਚ ਸੰਚਾਲਨ ਪੰਜਾਬੀ ਸਾਹਿਤ ਸਭਾ ਦੀ ਪ੍ਰਧਾਨ ਅਤੇ ਐੱਮ. ਏ. ਪੰਜਾਬੀ ਦੀ ਵਿਦਿਆਰਥਣ ਸੁਮਨਪ੍ਰੀਤ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਇਸ ਦੇ ਨਾਲ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ, ਜਿਹਨਾਂ ਨੇ ਸਮਾਰੋਹ ਵਿੱਚ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਕਾਲਜ ਮੈਨੇਜਮੈਂਟ ਦੇ ਪ੍ਰਧਾਨ ਸੰਜੀਵ ਧਮੀਜਾ ਅਤੇ ਜਨਰਲ ਸਕੱਤਰ ਰਾਜੇਸ਼ ਡਾਲੀ ਨੇ ਕਾਲਜ ਪ੍ਰਿੰਸੀਪਲ ਅਤੇ ਪੋਸਟ -ਗ੍ਰੈਜੂਏਟ ਪੰਜਾਬੀ ਵਿਭਾਗ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਕਿਹਾ।