ਡੇਹਲੋਂ, 26 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਨਿੱਤ ਦਿਨ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਿੰਡ ਪੋਹੀੜ ਦੇ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨਾਲ ਡਟ ਕੇ ਚੱਲਣ ਦਾ ਐਲਾਨ ਕੀਤਾ। ਇਹ ਨੌਜਵਾਨ ਸਾਬਕਾ ਸੰਸਦੀ ਸਕੱਤਰ ਸ਼ਿਵਾਲਿਕ ਦੀ ਰਹਿਨੁਮਾਈ ਹੇਠ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਸਮੇਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਲ ਹੋਏ, ਦਾ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਿੰਡ ਪੋਹੀੜ ਦੇ ਮਨਪ੍ਰੀਤ ਸਿੰਘ, ਸੁਖਦੇਵ ਸਿੰਘ, ਬਲਰਾਜ ਸਿੰਘ, ਦਲਜੀਤ ਸਿੰਘ, ਕੁਲਦੀਪ ਸਿੰਘ, ਸਤਵੀਰ ਸਿੰਘ, ਪਰਮਿੰਦਰ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਜੋਤੀ, ਆਤਮਾ ਸਿੰਘ, ਸੁਖਦੇਵ ਸਿੰਘ ਸੁੱਖਾ, ਬਲਜਿੰਦਰ ਸਿੰਘ ਬੰਟੀ ਸਮੇਤ ਹੋਰਨਾਂ ਨੇ ਕਿਹਾ ਕਿ ਉਹ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪੰਜਾਬ ਪ੍ਰਤੀ ਕੀਤੇ ਕੰਮਾਂ ਤੋਂ ਖ਼ੁਸ਼ ਹਨ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਸੂਬੇ ਦੀ ਭਲਾਈ ਹਿਤ ਕੰਮ ਕਰਨ ਵਾਲੀ ਸਭ ਤੋਂ ਵੱਧ ਹਰਮਨ ਪਿਆਰੀ ਪਾਰਟੀ ਬਣ ਰਹੀ ਹੈ, ਜਿਸ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਅੱਜ ਇਸ ਪਾਰਟੀ ਵਿਚ ਸ਼ਾਮਲ ਹੋਏ ਹਨ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਸੂਬੇ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਹਨੇਰੀ ਚੱਲਣ ਲੱਗੀ ਹੈ ਅਤੇ ਨਿੱਤ ਦਿਨ ਸੈਂਕੜੇ ਲੋਕ ਪਾਰਟੀ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਸੈਂਕੜੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਨਰੋਈ ਜ਼ਿੰਦਗੀ ਜਿਊਣ ਦਾ ਮੌਕਾ ਦਿੱਤਾ ਹੈ । ਵਿਧਾਇਕ ਇਆਲੀ ਅਤੇ ਸ਼ਿਵਾਲਿਕ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਆਰੰਭੀ ਸੋਚ ‘ਤੇ ਪਹਿਰਾ ਦਿੰਦਿਆਂ ਸਾਰੇ ਵਰਗਾਂ ਦੀ ਭਲਾਈ ਹਿਤ ਕਾਰਜ ਕਰ ਰਹੀ ਹੈ ਅਤੇ ਪਾਰਟੀ ਦੀਆਂ ਉਸਾਰੂ ਨੀਤੀਆਂ ਨੂੰ ਬੂਥ ਪੱਧਰ ਤੱਕ ਪਹੁੰਚਾਉਣ ਲਈ ਪਿੰਡਾਂ ਅੰਦਰ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ ਕਿਉਂਕਿ ਸੂਬੇ ਦੇ ਸੂਝਵਾਨ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਆਪਣਾ ਅਤੇ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਦੇਖਣ ਲੱਗੇ ਹਨ। ਇਸ ਸਮੇਂ ਸਾਬਕਾ ਸੰਸਦੀ ਸਕੱਤਰ ਸ਼ਿਵਾਲਿਕ ਨੇ ਦਾਅਵਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿਚ ਆਗੂਆਂ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ, ਜਿਸ ਨਾਲ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿੱਤ ਮਿਲ ਸਕੇਗੀ। ਇਸ ਸਮੇਂ ਮਨਦੀਪ ਸਿੰਘ ਹਸਨਪੁਰ, ਜਗਦੀਪ ਸਿੰਘ ਬਿੱਟੂ ਡੇਹਲੋਂ, ਮਨਜੋਤ ਸਿੰਘ ਗਿੱਲ ਅਤੇ ਹੋਰ ਹਾਜ਼ਰ ਸਨ।
ਪਿੰਡ ਪੋਹੀੜ ਦੇ ਪਰਿਵਾਰਾਂ ਦਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਨਮਾਨ
ਅਜੀਤ ਡੈਸਕ
27-07-2026