ਖੰਨਾ, 26 ਜੁਲਾਈ (ਹਰਜਿੰਦਰ ਸਿੰਘ ਲਾਲ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਵਿੱਚ ਵਿਸ਼ੇਸ਼ ਜਨ-ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਐਲ. ਈ. ਡੀ. ਸਕ੍ਰੀਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ਾਂ ’ਤੇ ਆਧਾਰਿਤ ਲਗਭਗ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਦੇਰ ਸ਼ਾਮ ਬਲਾਕ ਖੰਨਾ ਦੇ ਪਿੰਡ ਅਲੀਪੁਰ ਅਤੇ ਅਲੌਰ, ਬਲਾਕ ਲੁਧਿਆਣਾ-2 ਦੇ ਪਿੰਡ ਗਦਾਪੁਰ ਅਤੇ ਗੌਂਸਗੜ੍ਹ ਅਤੇ ਬਲਾਕ ਜਗਰਾਉਂ ਦੇ ਪਿੰਡ ਪਰਜੀਆਂ ਬਿਹਾਰੀਪੁਰ ਵਿੱਚ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ ਅਤੇ ਗੁਰੂ ਸਾਹਿਬ ਦੇ ਸਮਾਜਿਕ ਬਰਾਬਰੀ, ਭਾਈਚਾਰੇ, ਮਨੁੱਖਤਾ ਅਤੇ ਆਪਸੀ ਸਤਿਕਾਰ ਦੇ ਸੰਦੇਸ਼ ਨੂੰ ਅਪਣਾਉਣ ਦਾ ਸੰਕਲਪ ਲਿਆ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਤਿੰਨ ਵਿਸ਼ੇਸ਼ ਵੈਨਾਂ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸ ਮੌਕੇ ਸਰਪੰਚਾਂ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਹੋਰ ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰੇਰਣਾਦਾਇਕ ਸਿੱਖਿਆਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਹੋਰ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ।