ਮਾਛੀਵਾੜਾ ਸਾਹਿਬ, 27 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਨੀਟ ਪੇਪਰ ਲੀਕ ਮਾਮਲੇ ਵਿਚ ਜੰਤਰ-ਮੰਤਰ ਵਿਖੇ ਨੌਜਵਾਨ ਵਿਦਿਆਰਥੀਆਂ ਵਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ ਕਾਰਨ ਜੋ ਦੇਸ਼ ਵਿਚ ਲੋਕ ਰੋਹ ਫੈਲਿਆ ਸੀ ਉਸ ਵਿਚ ਮੋਦੀ ਸਰਕਾਰ ਨੂੰ ਝੁਕਣਾ ਪਿਆ ਅਤੇ ਆਪਣੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਲੈਣਾ ਪਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਆਬਜ਼ਰਵਰ ਕਸਤੂਰੀ ਲਾਲ ਮਿੰਟੂ ਨੇ ਕੀਤਾ। ਮਿੰਟੂ ਨੇ ਕਿਹਾ ਕਿ ਮੋਦੀ ਸਰਕਾਰ ਦਾ ਹੰਕਾਰ ਤੋੜਨ ਲਈ ਅੱਜ ਦੇਸ਼ ਵਾਸੀ ਇੱਕਜੁੱਟ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਦੇ ਸੰਸਦ ਮੈਂਬਰਾਂ ਨੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦਾ ਡਟ ਕੇ ਸਾਥ ਦਿੱਤਾ ਜਿਸ ਕਾਰਨ ਉਨ੍ਹਾਂ ਦਾ ਇਹ ਅੰਦੋਲਨ ਹੋਰ ਮਜ਼ਬੂਤ ਹੋਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿਚ ਵੀ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣੇਗੀ। ਆਬਜ਼ਰਵਰ ਮਿੰਟੂ ਨੇ ਕਿਹਾ ਕਿ ਪੰਜਾਬ ਵਿਚ ਵੀ ਇਸ ਸਮੇਂ ਅਮਨ, ਕਾਨੂੰਨ ਦੀ ਸਥਿਤੀ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀ ਸ਼ਹਿ ‘ਤੇ ਮੁਲਾਜ਼ਮਾਂ ‘ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਆਬਜ਼ਰਵਰ ਮਿੰਟੂ ਨੇ ਕਿਹਾ ਕਿ ਪੰਜਾਬ ਸਿਰ ਵਧਦਾ ਕਰਜ਼ਾ ਚਿੰਤਾ ਦਾ ਵਿਸ਼ਾ ਹੈ ਅਤੇ ਜੇਕਰ ਇਸ ਸਰਕਾਰ ਨੂੰ ਨਾ ਬਦਲਿਆ ਗਿਆ ਤਾਂ ਸਾਡੀ ਆਉਣ ਵਾਲੀ ਪੀੜ੍ਹੀ ਵੀ ਕਰਜ਼ੇ ਦੇ ਬੋਝ ਹੇਠੋਂ ਕਦੇ ਨਿਕਲ ਨਹੀਂ ਪਾਵੇਗੀ।