15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕੈਬਨਿਟ ਮੰਤਰੀ ਗੋਇਲ ਅਤੇ ਸੌਂਦ ਨੇ ਖੰਨਾ ਵਿੱਚ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਕਿਹਾ, ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਰਕਬਾ ਆਇਆ ਨਹਿਰੀ ਸਿੰਚਾਈ ਹੇਠ

Ad Position 21
No active advertisement
ਅਜੀਤ ਡੈਸਕ 29-07-2026

ਖੰਨਾ, 28 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਅਧੀਨ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪਿੰਡ ਭੱਟੀਆਂ ਵਿਖੇ 70.52 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਅਹਿਮ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖੰਨਾ ਰਜਵਾਹਾ, ਬੀੜ ਕਿਸ਼ਨ, ਲਲਹੇੜੀ, ਬਰਧਲ, ਕੋਟਲਾ ਅਤੇ ਨਰਾਇਣਗੜ੍ਹ ਮਾਈਨਰ ਸਮੇਤ 68.32 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ 50.02 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ। ਇਸ ਤੋਂ ਇਲਾਵਾ 23.40 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ ’ਤੇ 20.50 ਕਰੋੜ ਰੁਪਏ ਖਰਚ ਕਰਕੇ ਕਰੀਬ 30 ਪਿੰਡਾਂ ਦੇ 37 ਹਜ਼ਾਰ ਏਕੜ ਤੋਂ ਵੱਧ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਖੇਤੀ ਰਕਬੇ ਨੂੰ ਵੀ ਨਹਿਰੀ ਢਾਂਚੇ ਨਾਲ ਜੋੜਿਆ ਜਾਵੇਗਾ। ਜਲ ਸਰੋਤ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ 21,506 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜੋ ਹੁਣ ਵਧ ਕੇ 42,079 ਏਕੜ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾ ਕੇ ਨਹਿਰੀ ਸਿੰਚਾਈ ਨੂੰ ਪ੍ਰੋਤਸਾਹਿਤ ਕਰਨਾ ਹੈ, ਜਿਸ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਨੇ 7,572 ਕਰੋੜ ਰੁਪਏ ਖਰਚ ਕਰਕੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਹੈ ਅਤੇ ਹੁਣ ਪੰਜਾਬ ਦੇ 86 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਸੂਬੇ ਦੇ ਖੇਤਾਂ ਵਿੱਚ ਹੋ ਰਹੀ ਹੈ, ਜਦਕਿ 2022 ਵਿੱਚ ਇਹ ਅੰਕੜਾ ਕੇਵਲ 26 ਫ਼ੀਸਦੀ ਸੀ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਬਾਅਦ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਸੁਧਰਿਆ ਹੈ, ਜਿਸ ਦਾ ਜ਼ਿਕਰ ਕੇਂਦਰੀ ਜਲ ਸੰਸਾਧਨ ਮੰਤਰੀ ਵੱਲੋਂ ਦੇਸ਼ ਦੀ ਸੰਸਦ ਵਿੱਚ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਨੇ ਬਿਨਾਂ ਕੋਈ ਵਾਧੂ ਜ਼ਮੀਨ ਅਕਵਾਇਰ ਕੀਤੇ ਅਤੇ ਬਿਨਾਂ ਵਾਧੂ ਖ਼ਰਚ ਦੇ ਪੰਜਾਬ ਦੀਆਂ ਨਹਿਰਾਂ ਦੀ ਸਮਰੱਥਾ 12,000 ਕਿਊਸਕ ਵਧਾ ਦਿੱਤੀ ਹੈ। ਇਸ ਵੇਲੇ ਸੂਬੇ ਦੀਆਂ 1,511 ਨਹਿਰਾਂ ਵਿੱਚ ਲਗਭਗ 39,000 ਕਿਊਸਕ ਪਾਣੀ ਚੱਲ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਨਿਰਵਿਘਨ ਸਿੰਚਾਈ ਸਹੂਲਤ ਮਿਲ ਰਹੀ ਹੈ ਅਤੇ ਪੰਜਾਬ ਦੇ ਜਲ ਸਰੋਤਾਂ ਦੀ ਸੰਭਾਲ ਨੂੰ ਨਵੀਂ ਦਿਸ਼ਾ ਮਿਲੀ ਹੈ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਹਲਕਾ ਖੰਨਾ ਵਿੱਚ ਨਹਿਰੀ ਸਿੰਚਾਈ ਨਾਲ ਸਬੰਧਤ 70.52 ਕਰੋੜ ਰੁਪਏ ਦੇ ਮੁਕੰਮਲ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਨਹਿਰੀ ਸਿੰਚਾਈ ਨੂੰ ਇੰਨੀ ਵੱਡੀ ਤਰਜੀਹ ਦਿੱਤੀ ਗਈ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈਲਾਂ ਲਈ ਦਿਨ ਵੇਲੇ 8 ਘੰਟੇ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਹੁਣ ਉਨ੍ਹਾਂ ਨੂੰ ਰਾਤਾਂ ਖੇਤਾਂ ਵਿੱਚ ਨਹੀਂ ਗੁਜ਼ਾਰਣੀਆਂ ਪੈਂਦੀਆਂ। ਇਸ ਮੌਕੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਉਭੀ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਨਗਰ ਕੌਂਸਲ ਪ੍ਰਧਾਨ ਜਤਿੰਦਰ ਪਾਠਕ, ਆੜਤੀ ਐਸੋ. ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਚੇਅਰਮੈਨ ਜਗਤਾਰ ਸਿੰਘ ਰਤਨਹੇੜੀ, ਕਰਨ ਅਰੋੜਾ ਓ. ਐਸ. ਡੀ. ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਰਿਜ਼ਰਵੇਸ਼ਨ ਦਾ ਲਾਹਾ ਲੈਣ ਵਾਲੇ ਮੰਤਰੀ, ਵਿਧਾਇਕ ਅਤੇ ਐਮ ਪੀ ਖ਼ਾਮੋਸ਼-ਨੀਤੂ ਸਿੰਘ ਪਾਇਲ ਅਗਲੀ ਖ਼ਬਰ ਪੇਪਰ ਲੀਕ ਅਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੇ ਵਿਰੋਧ ’ਚ ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰੀ ਕੈਂਡਲ ਮਾਰਚ
Ad Position 24